ਲੁਧਿਆਣਾ, 27 ਸਤੰਬਰ (ਜਸਵਿੰਦਰ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਦਿਆਰਥੀ ਐਸੋਸੀਏਸ਼ਨ ਵਲੋਂ ਖੇਤੀਬਾੜੀ ਮਾਸਟਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਭਰਨ ਨੂੰ ਲੈ ਕੇ ਦਿੱਤਾ ਜਾ ਰਿਹਾ ਧਰਨਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ | ਵਿਦਿਆਰਥੀਆਂ ਨੇ ਕਿਸਾਨ ਮੇਲੇ ਦੇ ਆਖਰੀ ਦਿਨ ਕਾਲੀਆਂ ਪੱਟੀਆਂ ਬੰਨ੍ਹ ਕੇ ਪਰਚੇ ਵੰਡੇ ਤੇ ਨਾਅਰੇਬਾਜ਼ੀ ਕੀਤੀ | ਇਸ ਦੌਰਾਨ ਵਿਦਿਆਰਥੀ ਆਗੂਆਂ ਦੀ ਯੂਨੀਵਰਸਿਟੀ ਅਥਾਰਿਟੀ ਦੀ ਅਗਵਾਈ ਹੇਠ ਵਾਇਸ ਚਾਂਸਲਰ ਦਫ਼ਤਰ ਵਿਚ ਐਮ.ਪੀ. ਮਾਲਵਿੰਦਰ ਸਿੰਘ ਕੰਗ ਨਾਲ ਮੀਟਿੰਗ ਹੋਈ | ਮੀਟਿੰਗ ਸੁਖਾਵੇਂ ਮਾਹੌਲ ਵਿਚ ਸੰਪੰਨ ਹੋਈ, ਜਿਸ ਵਿਚ ਵਿਦਿਆਰਥੀਆਂ ਨੇ ਆਪਣੀਆਂ ਮੰਗਾਂ ਰੱਖੀਆਂ | ਐਮ.ਪੀ. ਮਾਲਵਿੰਦਰ ਸਿੰਘ ਕੰਗ ਨੇ ਯਕੀਨ ਦਿਵਾਇਆ ਕਿ ਉਹ ਵਿਦਿਆਰਥੀਆਂ ਦੀਆਂ ਮੰਗਾਂ ਪੰਜਾਬ ਸਰਕਾਰ ਅੱਗੇ ਪੇਸ਼ ਕਰਨਗੇ | ਵਿਦਿਆਰਥੀ ਆਗੂਆਂ ਨੇ ਸਕੂਲਾਂ ਵਿਚ ਖੇਤੀਬਾੜੀ ਵਿਸ਼ਾ ਲਾਜ਼ਮੀ ਨਾ ਹੋਣ ਅਤੇ ਖਾਲੀ ਅਸਾਮੀਆਂ ਸਬੰਧੀ ਸਰਕਾਰ ਨੂੰ ਸਵਾਲ ਕੀਤੇ | ਉਨ੍ਹਾਂ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਨਾਲ ਜਲਦੀ ਮੀਟਿੰਗ ਕਰਵਾ ਕੇ ਮੰਗਾਂ ਬਾਰੇ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇ | ਐਮ.ਪੀ. ਕੰਗ ਨੇ ਇਸ ਸਬੰਧੀ ਵਿਦਿਆਰਥੀ ਆਗੂਆਂ ਨੂੰ ਨਿੱਜੀ ਤੌਰ 'ਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ | ਯੂਨੀਵਰਸਿਟੀ ਵਲੋਂ ਡੀਨ ਖੇਤੀਬਾੜੀ ਕਾਲਜ ਡਾ. ਚਰਨਜੀਤ ਸਿੰਘ ਔਲਖ ਅਤੇ ਡਾਇਰੈਕਟਰ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ ਨੇ ਵਿਦਿਆਰਥੀਆਂ ਦੀਆਂ ਮੰਗਾਂ ਉੱਤੇ ਰਿਪੋਰਟ ਪੇਸ਼ ਕੀਤੀ ਅਤੇ ਵਿਦਿਆਰਥੀ ਸੰਘਰਸ਼ ਦੀ ਹਿਮਾਇਤ ਕਰਦਿਆਂ ਕਿਹਾ ਜਲਦ ਮੰਗਾਂ ਪੂਰੀਆਂ ਕੀਤੀਆਂ ਜਾਣ |