ਲੁਧਿਆਣਾ, 18 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਨਗਰ ਨਿਗਮ ਅਧਿਕਾਰੀਆਂ ਵਲੋਂ ਦੁਕਾਨਦਾਰਾਂ ਅਤੇ ਰੇਹੜੀ-ਫੜ੍ਹੀ ਵਾਲਿਆਂ 'ਤੇ ਕੀਤੀ ਜਾ ਰਹੀ ਧੱਕੇਸ਼ਾਹੀ ਦਾ ਡੱਟ ਕੇ ਵਿਰੋਧ ਕੀਤਾ ਹੈ | ਸਥਾਨਕ ਭਾਜਪਾ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਧੀਮਾਨ ਨੇ ਕਿਹਾ ਕਿ 'ਆਪ' ਸਰਕਾਰ ਦੇ ਨੁਮਾਇੰਦਿਆਂ ਦੇ ਉਕਸਾਉਣ 'ਤੇ ਨਗਰ ਨਿਗਮ ਅਧਿਕਾਰੀਆਂ ਵਲੋਂ ਦੁਕਾਨਦਾਰਾਂ ਅਤੇ ਰੇਹੜੀ-ਫੜ੍ਹੀ ਵਾਲਿਆਂ 'ਤੇ ਕੀਤੀ ਜਾ ਰਹੀ ਧੱਕੇਸ਼ਾਹੀ ਨਿੰਦਣਯੋਗ ਹੈ | ਦੁਕਾਨਦਾਰ ਅਤੇ ਰੇਹੜੀ-ਫੜ੍ਹੀ ਵਾਲੇ ਸਾਰਾ ਸਾਲ ਦੀਵਾਲੀ ਦੀ ਉਡੀਕ ਕਰਦੇ ਹਨ ਤਾਂ ਜੋ ਉਹ ਤਿਉਹਾਰਾਂ ਦੇ ਸੀਜ਼ਨ ਦੌਰਾਨ ਪੈਸੇ ਕਮਾ ਸਕਣ ਅਤੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰ ਸਕਣ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਨਗਰ ਨਿਗਮ ਅਧਿਕਾਰੀਆਂ ਵਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ, ਉਹ ਸਹਿਣਯੋਗ ਨਹੀਂ ਹੈ | ਧੀਮਾਨ ਨੇ ਕਿਹਾ ਕਿ ਦੀਵਾਲੀ ਖੁਸ਼ੀਆਂ ਦਾ ਤਿਉਹਾਰ ਹੈ, ਹਰ ਪਾਸੇ ਖੁਸ਼ੀ ਦਾ ਮਾਹੌਲ ਹੁੰਦਾ ਹੈ | ਹਾਲਾਂਕਿ, ਇਸ ਵਾਰ ਨਗਰ ਨਿਗਮ ਦੇ ਅਧਿਕਾਰੀ ਦੁਕਾਨਦਾਰਾਂ ਨੂੰ ਜਿਸ ਤਰ੍ਹਾਂ ਪਰੇਸ਼ਾਨ ਕਰ ਰਹੇ ਹਨ, ਉਨ੍ਹਾਂ ਨੇ ਉਨ੍ਹਾਂ ਦੀ ਖੁਸ਼ੀ ਨੂੰ ਗ੍ਰਹਿਣ ਲਗਾ ਦਿੱਤਾ ਹੈ | ਧੀਮਾਨ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਤਿਉਹਾਰਾਂ ਦੇ ਸੀਜ਼ਨ ਦੌਰਾਨ ਕਬਜ਼ੇ ਦੇ ਨਾਮ 'ਤੇ ਦੁਕਾਨਦਾਰਾਂ ਨੂੰ ਤੰਗ ਕਰਨਾ ਬੰਦ ਕਰਨ | ਇਸ ਮੌਕੇ ਭਾਜਪਾ ਜ਼ਿਲ੍ਹਾ ਉਪ ਪ੍ਰਧਾਨ ਨਵਲ ਜੈਨ, ਪੈੱ੍ਰਸ ਸਕੱਤਰ ਡਾ. ਸਤੀਸ਼ ਕੁਮਾਰ ਵੀ ਮੌਜੂਦ ਸਨ |