ਲੁਧਿਆਣਾ, 31 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਤਾ 'ਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਅਤੇ ਦਾਅਵੇ ਕੀਤੇ ਗਏ ਸਨ, ਪਰ ਸੱਤਾ ਹਥਿਆਉਣ ਮਗਰੋਂ ਸਰਕਾਰ ਸਾਰੇ ਵਾਅਦਿਆਂ ਨੂੰ ਭੁੱਲ ਕੇ ਲੋਕਾਂ ਦੀਆਂ ਜੇਬਾਂ 'ਤੇ ਲਗਾਤਾਰ ਵਾਧੂ ਬੋਝ ਪਾਉਣ ਦੇ ਰਾਹ ਤੁਰੀ ਹੋਈ ਹੈ | ਇਹ ਪ੍ਰਗਟਾਵਾ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਲੋਕ ਸਭਾ ਹਲਕਾ ਲੁਧਿਆਣਾ ਤੋਂ ਇੰਚਾਰਜ ਰਣਜੀਤ ਸਿੰਘ ਢਿੱਲੋਂ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਤਾਂ ਕੀ ਕਰਨੇ ਸਨ, ਉਲਟਾ ਲੋਕਾਂ ਦੀਆਂ ਜੇਬਾਂ ਉਪਰ ਆਏ ਦਿਨ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਹੁਣ ਸਰਕਾਰ ਵਲੋਂ ਕਲੈਕਟਰ ਰੇਟਾਂ ਵਿਚ ਵਾਧਾ ਕਰਨ ਕਰਕੇ ਹਰੇਕ ਵਰਗ ਵਲੋਂ ਇਸ ਦੀ ਨਿਖੇਧੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਹੀ ਰਜਿਸਟਰੀਆਂ ਨਾ ਹੋਣ ਕਾਰਨ ਲੋਕਾਂ ਦੇ ਕੰਮਕਾਜ ਠੱਪ ਪਏ ਹਨ, ਉਲਟਾ ਸਰਕਾਰ ਦਾ ਇਹ ਫ਼ੈਸਲਾ ਪੂਰੀ ਤਰ੍ਹਾਂ ਨਾਲ ਲੋਕ ਵਿਰੋਧੀ ਹੈ | ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਸਰਕਾਰ ਨੂੰ ਆਪਣੇ ਇਸ ਫ਼ੈਸਲੇ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕ ਵਿਰੋਧੀ ਫ਼ੈਸਲਿਆਂ ਦੀ ਨਿਖੇਧੀ ਕਰਦਾ ਰਿਹਾ ਹੈ ਅਤੇ ਕਰਦਾ ਰਹੇਗਾ | ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਨੂੰ ਲੋਕ ਵਿਰੋਧੀ ਫ਼ੈਸਲੇ ਖ਼ਿਲਾਫ਼ ਸੰਘਰਸ਼ ਕਰਨਾ ਪਵੇਗਾ ਤਾਂ ਉਹ ਪਿੱਛੇ ਨਹੀਂ ਹਟਣਗੇ | ਉਨ੍ਹਾਂ ਦੱਸਿਆ ਕਿ ਕਲੈਕਟਰ ਰੇਟਾਂ ਦੇ ਵਾਧੇ ਕਾਰਨ ਪ੍ਰਾਪਰਟੀ ਕਾਰੋਬਾਰ ਠੱਪ ਹੋ ਕੇ ਰਹਿ ਗਿਆ ਹੈ ਅਤੇ ਇਸ ਨਾਲ ਕਈ ਲੋਕ ਪ੍ਰਭਾਵਿਤ ਹੋ ਰਹੇ ਹਨ | ਉਨ੍ਹਾਂ ਦੱਸਿਆ ਕਿ ਜੇਕਰ ਸਰਕਾਰ ਨੇ ਆਪਣਾ ਇਹ ਫ਼ੈਸਲਾ ਵਾਪਸ ਨਾ ਲਿਆ ਤਾਂ ਸਰਕਾਰ ਨੂੰ ਰੋਹ ਦਾ ਸਾਹਮਣਾ ਕਰਨਾ ਪਵੇਗਾ |