ਲੁਧਿਆਣਾ, 31 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਭਾਈ ਮਤੀਦਾਸ, ਭਾਈ ਸਤੀਦਾਸ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇਕ-ਰਸ ਸਮੂਹਿਕ ਕੀਰਤਨ ਦਰਬਾਰ 'ਅਨਹਦ-ਝੁਨਕਾਰ' ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰਦੁਅਰਾ ਸ਼ਹੀਦ ਬਾਬਾ ਦੀਪ ਸਿੰਘ ਜੀ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੁੱਗਰੀ ਅਤੇ ਯੂਨਾਈਟਿਡ ਸਿੱਖਜ ਵਲੋਂ ਸਾਂਝੇ ਤੌਰ 'ਤੇ ਕਰਵਾਇਆ ਗਿਆ | ਸਮਾਗਮ 'ਚ ਲੁਧਿਆਣਾ ਦੀਆਂ 40 ਇਸਤਰੀ ਸਤਿਸੰਗ ਸਭਾਵਾਂ ਦੀਆਂ ਕਰੀਬ 350 ਬੀਬੀਆਂ ਨੇ ਹਿੱਸਾ ਲਿਆ | ਸਮਾਗਮ 'ਚ ਇਸਤਰੀ ਸਤਿਸੰਗ ਸਭਾ ਦੀਆਂ 13 ਟੀਮਾਂ ਬਣਾਈਆਂ ਗਈਆਂ ਸਨ, ਜਿਨ੍ਹਾਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਗਿਆ | ਸਮਾਗਮ ਸਵੇਰੇ 12 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਹੋਇਆ, ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ਭਰਕੇ ਗੁਰੂ ਜਸ ਸਰਵਣ ਕੀਤਾ | ਅਗਲਾ ਸਮਾਗਮ 21 ਨਵੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਸ-1 ਦੁੱਗਰੀ ਵਿਖੇ 12 ਤੋਂ ਸ਼ਾਮ 5 ਵਜੇ ਤੱਕ ਕਰਵਾਇਆ ਜਾਵੇਗਾ | ਸਮਾਗਮ 'ਚ ਪੁੱਜਣ ਵਾਲੀ ਸੰਗਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਿੰਦਰਪਾਲ ਸਿੰਘ ਬਿੰਦਰਾ, ਜਨਰਲ ਸਕੱਤਰ ਸੁਖਵਿੰਦਰਪਾਲ ਸਿੰਘ ਲਾਲੀ ਸਰਨਾ, ਟਰੱਸਟ ਮੈਂਬਰ ਅਮਰਜੀਤ ਸਿੰਘ ਟਿੱਕਾ, ਨਵਪ੍ਰੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ, ਅਮਰਪਾਲ ਸਿੰਘ ਸਰਨਾ ਵੀ ਮੌਜੂਦ ਸਨ | ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਬੰਧਕਾਂ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਸ-1 ਦੁੱਗਰੀ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਵਲੋਂ ਸਮਾਗਮ ਦੌਰਾਨ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦਿਆਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ |