ਲੁਧਿਆਣਾ, 1 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ 3 ਨਵੰਬਰ ਸੋਮਵਾਰ ਤੋਂ 5 ਨਵੰਬਰ ਤੱਕ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਨੇ ਦੱਸਿਆ ਕਿ ਇਹਨਾਂ ਸਮਾਗਮਾਂ ਵਿਚ ਭਾਈ ਹਰਜੋਤ ਸਿੰਘ, ਭਾਈ ਗੁਰਜੀਤ ਸਿੰਘ, ਭਾਈ ਨਵਦੀਪ ਸਿੰਘ, ਗਿਆਨੀ ਸੁਖਵਿੰਦਰ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਅਵਤਾਰ ਸਿੰਘ, ਬੀਬੀ ਜਸਲੀਨ ਕÏਰ ਅਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਤੋਂ ਇਲਾਵਾ ਕਈ ਹੋਰ ਵਿਦਵਾਨ ਸੰਗਤਾਂ ਦੇ ਰੂਬਰੂ ਹੋਣਗੇ | ਉਨ੍ਹਾਂ ਦੱਸਿਆ ਕਿ 5 ਨਵੰਬਰ ਦਿਨ ਬੁੱਧਵਾਰ ਨੂੰ ਪੰਥ ਪ੍ਰਸਿੱਧ ਵਿਦਵਾਨ ਗਿਆਨੀ ਸੁਖਵਿੰਦਰ ਸਿੰਘ ਹੈੱਡ ਗ੍ਰੰਥੀ ਰਾਤ 11.30 ਤੋਂ 12.00 ਵਜੇ ਤੱਕ ਸੰਗਤਾਂ ਨੂੰ ਕਥਾ ਨਾਲ ਨਿਹਾਲ ਕਰਨਗੇ | ਇਸ ਤੋਂ ਇਲਾਵਾ ਕਥਾ ਦਰਮਿਆਨ ਗੁਰੂ ਮਹਾਰਾਜ 'ਤੇ ਫੁੱਲਾਂ ਦੀ ਵਰਖਾ ਵੀ ਕੀਤੀ ਜਾਵੇਗੀ | ਉਨ੍ਹਾਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਇਹਨਾਂ ਸਮਾਗਮਾਂ ਵਿਚ ਹੁਮਹੁਮਾ ਕੇ ਪੁੱਜਣ |