ਭਾਮੀਆਂ ਕਲਾਂ, 5 ਦਸੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਉਘੇ ਸਮਾਜ ਸੇਵੀ ਅਤੇ ਖ਼ਾਸੀ ਕਲਾਂ ਦੇ ਸਰਪੰਚ ਕਰਮਜੀਤ ਸਿੰਘ ਗਰੇਵਾਲ ਦੇ ਭਰਾ ਸਵ: ਜਸਵਿੰਦਰ ਸਿੰਘ ਗਰੇਵਾਲ ਦੀ ਪਤਨੀ ਗਿਆਨਪ੍ਰੀਤ ਕੌਰ ਗਰੇਵਾਲ ਵਲੋਂ ਮੱਤੇਵਾੜਾ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲਈ ਕਾਗਜ਼ ਦਾਖਲ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਦਾ ਸਮਾਜ ਵਿਚ ਚੰਗਾ ਰੁਤਬਾ ਹੋਣ ਕਰਕੇ ਇਸ ਜ਼ੋਨ ਅਧੀਨ ਆਉਣ ਵਾਲੇ ਪਿੰਡਾਂ ਦੀਆਂ ਪੰਚਾਇਤਾਂ ਤੋਂ ਇਲਾਵਾ ਇਲਾਕਾ ਨਿਵਾਸੀਆਂ ਵਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਜ਼ੋਨ ਅਧੀਨ ਪੈਂਦੇ ਪਿੰਡਾਂ ਦੇ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਹੀ ਉਨ੍ਹਾਂ ਚੋਣ ਲੜਨ ਦਾ ਫ਼ੈਸਲਾ ਕੀਤਾ ਹੈ | ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਭਰਾ ਚੇਅਰਮੈਨ ਜ਼ੋਰਾਵਰ ਸਿੰਘ, ਪੀ.ਏ ਰਛਪਾਲ ਸਿੰਘ ਅਤੇ ਕਰਮਜੀਤ ਸਿੰਘ ਗਰੇਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਦੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ ਅਤੇ ਅੱਜ ਤੋਂ ਉਨ੍ਹਾਂ ਵਲੋਂ ਇਲਾਕੇ ਦੇ ਵੋਟਰਾਂ ਨਾਲ ਰਾਬਤਾ ਬਣਾਉਣਾ ਸ਼ੁਰੂ ਕਰ ਦੇਣਗੇ | ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ 'ਆਪ' ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਦੇਖਦੇ ਹੋਏ ਹੀ ਸੂਬੇ ਦੇ ਲੋਕਾਂ ਨੇ ਲੰਘੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਜਿਤਾ ਕੇ ਦੱਸ ਦਿੱਤਾ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਨੂੰ ਦਿਲੋਂ ਚਾਹੁੰਦੇ ਹਨ, ਜਿਸ ਨਾਲ ਜਿੱਥੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੇ ਤਾਂ ਹੌਂਸਲੇ ਬੁਲੰਦ ਹੋਏ ਹਨ, ਉਥੇ ਹੀ ਵਿਰੋਧੀਆਂ ਦੇ ਹੌਂਸਲੇ ਢਹਿ ਢੇਰੀ ਹੋ ਗਏ ਅਤੇ ਹਰ ਕੋਈ ਇਹ ਅੰਦਾਜ਼ੇ ਲਗਾਉਣ ਲੱਗ ਗਿਆ ਕਿ ਪੰਜਾਬ ਭਰ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਡੀ ਫ਼ਰਕ ਨਾਲ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਉਨ੍ਹਾਂ ਵਿਕਾਸ ਦਾ ਵਾਅਦਾ ਕਰਦੇ ਹੋਏ ਪਿੰਡ ਨਿਵਾਸੀਆਂ ਦੇ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਕੀਤੇ ਗਏ ਵਿਸ਼ਵਾਸ 'ਤੇ ਮੋਹਰ ਲਗਾਈ ਜਾਵੇ ਤਾਂ ਕਿ ਇਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾ ਕੇ ਪਿੰਡਾਂ ਦਾ ਵੱਧ ਤੋਂ ਵੱਧ ਵਿਕਾਸ ਕਰਵਾਇਆ ਜਾ ਸਕੇ |