ਲੁਧਿਆਣਾ, 18 ਦਸੰਬਰ (ਭੁਪਿੰਦਰ ਸਿੰਘ ਬੈਂਸ)-ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਦੇ ਨਿਰਦੇਸ਼ਾਂ 'ਤੇ ਕੰਮ ਕਰਦੇ ਹੋਏ, ਨਗਰ ਨਿਗਮ ਦੇ ਚਾਰੇ ਜ਼ੋਨਾਂ ਦੇ ਜ਼ੋਨਲ ਕਮਿਸ਼ਨਰਾਂ ਨੇ ਵੀਰਵਾਰ ਨੂੰ ਆਪਣੇ-ਆਪਣੇ ਜ਼ੋਨਾਂ ਅਧੀਨ ਆਉਂਦੇ ਵੱਖ-ਵੱਖ ਇਲਾਕਿਆਂ ਦੇ ਕੌਂਸਲਰਾਂ ਨਾਲ ਮੀਟਿੰਗਾਂ ਕੀਤੀਆਂ | ਮੀਟਿੰਗਾਂ ਦਾ ਉਦੇਸ਼ ਵਿਕਾਸ ਕਾਰਜਾਂ ਨੂੰ ਤੇਜ਼ ਕਰਨਾ ਅਤੇ ਜ਼ਮੀਨੀ ਪੱਧਰ 'ਤੇ ਕੌਂਸਲਰਾਂ/ਨਿਵਾਸੀਆਂ ਨੂੰ ਦਰਪੇਸ਼ ਸ਼ਿਕਾਇਤਾਂ ਦਾ ਹੱਲ ਕਰਨਾ ਸੀ | ਜ਼ੋਨਲ ਕਮਿਸ਼ਨਰ ਅਭਿਸ਼ੇਕ ਸ਼ਰਮਾ ਨੇ ਨਗਰ ਨਿਗਮ ਜ਼ੋਨ ਏ ਦਫ਼ਤਰ ਵਿਖੇ ਕੌਂਸਲਰਾਂ ਨਾਲ ਮੀਟਿੰਗ ਕੀਤੀ, ਜ਼ੋਨਲ ਕਮਿਸ਼ਨਰ ਨੀਰਜ ਜੈਨ ਨੇ ਨਗਰ ਨਿਗਮ ਜ਼ੋਨ ਬੀ ਵਿਖੇ, ਜ਼ੋਨਲ ਕਮਿਸ਼ਨਰ ਗੁਰਪਾਲ ਸਿੰਘ ਨੇ ਨਗਰ ਨਿਗਮ ਜ਼ੋਨ ਸੀ ਵਿਖੇ ਅਤੇ ਜਸਦੇਵ ਸੇਖੋਂ ਨੇ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿਖੇ ਮੀਟਿੰਗ ਕੀਤੀ | ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ, ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਡਿਪਟੀ ਮੇਅਰ ਪਿ੍ੰਸ ਜੌਹਰ ਸਮੇਤ ਹੋਰ ਵੀ ਮੀਟਿੰਗਾਂ ਵਿਚ ਸ਼ਾਮਲ ਹੋਏ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ | ਸ਼ਹਿਰ ਦੇ ਸਮੁੱਚੇ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਕੌਂਸਲਰਾਂ ਨੂੰ ਮੀਟਿੰਗਾਂ ਵਿੱਚ ਸੱਦਾ ਦਿੱਤਾ ਗਿਆ ਸੀ | ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਕਿਹਾ ਕਿ ਜ਼ੋਨਲ ਕਮਿਸ਼ਨਰਾਂ ਨੂੰ ਵਿਕਾਸ ਕਾਰਜਾਂ ਦੀ ਸਹੀ ਨਿਗਰਾਨੀ ਅਤੇ ਕੌਂਸਲਰਾਂ/ ਨਿਵਾਸੀਆਂ ਨੂੰ ਦਰਪੇਸ਼ ਕਿਸੇ ਵੀ ਸਮੱਸਿਆ ਦੇ ਸਮੇਂ ਸਿਰ ਹੱਲ ਲਈ ਕੌਂਸਲਰਾਂ ਨਾਲ ਪੰਦਰਵਾੜੇ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ |
ਡੇਚਲਵਾਲ ਨੇ ਅੱਗੇ ਕਿਹਾ ਕਿ ਜ਼ੋਨਲ ਕਮਿਸ਼ਨਰਾਂ ਨੂੰ ਸਬੰਧਤ ਮੀਟਿੰਗਾਂ ਦੀ ਕਾਰਵਾਈ ਉਨ੍ਹਾਂ ਦੇ ਦਫ਼ਤਰ ਵਿਚ ਵੀ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ ਗਏ ਹਨ | ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਵਿਕਾਸ ਕਾਰਜਾਂ ਦੇ ਮਾਮਲੇ ਵਿਚ ਕੋਈ ਵੀ ਢਿੱਲ-ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਜ਼ਮੀਨੀ ਪੱਧਰ 'ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਨਿਯਮਤ ਤੌਰ 'ਤੇ ਫੀਲਡ ਵਿਚ ਵੀ ਜਾਣ ਦੇ ਨਿਰਦੇਸ਼ ਦਿੱਤੇ | ਨਗਰ ਨਿਗਮ ਦਾ ਧਿਆਨ ਸਫਾਈ ਨੂੰ ਯਕੀਨੀ ਬਣਾਉਣ, ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਅਤੇ ਵਸਨੀਕਾਂ ਨੂੰ ਮੁਸ਼ਕਲ ਰਹਿਤ ਸੇਵਾਵਾਂ ਪ੍ਰਦਾਨ ਕਰਨ 'ਤੇ ਹੈ |
ਜ਼ੋਨਲ ਕਮਿਸ਼ਨਰਾਂ ਨੇ ਕੌਂਸਲਰਾਂ ਨਾਲ ਕੀਤੀਆਂ ਮੀਟਿੰਗਾਂ
ਅਜੀਤ ਡੈਸਕ
19-12-2025