ਲੁਧਿਆਣਾ, 19 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਹੈਬੋਵਾਲ ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਲੜਕੀ ਦੀ ਮਾਂ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਬੱਬਲੂ ਜੈਨਾ ਵਾਸੀ ਉੜੀਸਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸਦੀ ਨਨਾਣ ਦਾ ਲੜਕਾ ਹੈ ਅਤੇ ਪਿਛਲੇ ਕੁੱਝ ਮਹੀਨਿਆਂ ਤੋਂ ਉਨ੍ਹਾਂ ਦੇ ਘਰ ਰਹਿ ਰਿਹਾ ਹੈ | ਉਸ ਦੱਸਿਆ ਕਿ ਬੀਤੇ ਦਿਨ ਜਦੋਂ ਉਸਦੀ ਲੜਕੀ ਘਰ ਵਿਚ ਇਕੱਲੀ ਸੀ ਤਾਂ ਕਥਿਤ ਦੋਸ਼ੀ ਵਲੋਂ ਉਸ ਨਾਲ ਜਬਰ ਜਨਾਹ ਕੀਤਾ ਗਿਆ | ਪੀੜਿਤ ਲੜਕੀ ਵਲੋਂ ਇਹ ਸਾਰੀ ਗੱਲ ਆਪਣੀ ਮਾਂ ਨੂੰ ਦੱਸੀ ਤਾਂ ਉਸਨੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ | ਸੂਚਨਾ ਮਿਲਦੇ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ | ਕਥਿਤ ਦੋਸ਼ੀ ਮÏਕੇ ਤੋਂ ਫ਼ਰਾਰ ਹੋ ਗਿਆ ਹੈ | ਪੁਲਿਸ ਵਲੋਂ ਉਸਦੀ ਭਾਲ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਸੀ |