ਲੁਧਿਆਣਾ, 20 ਦਸੰਬਰ (ਆਹੂਜਾ)-ਸਥਾਨਕ ਜ਼ਿਲ੍ਹਾ ਕਚਹਿਰੀਆਂ ਵਿਚ ਸਹਾਇਕ ਸਬ ਇੰਸਪੈਕਟਰ ਦਾ ਮੋਟਰਸਾਈਕਲ ਚੋਰੀ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ ਕਾਬੂ ਕੀਤਾ ਹੈ | ਪੁਲਿਸ ਵਲੋਂ ਇਸ ਸਬੰਧੀ ਸਹਾਇਕ ਸਬ ਇੰਸਪੈਕਟਰ ਬਚਿੱਤਰ ਸਿੰਘ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ ਤੇ ਇਸ ਸਬੰਧੀ ਸੰਦੀਪ ਕੁਮਾਰ ਵਾਸੀ ਨੇੜੇ ਕਚਹਿਰੀ ਨੂੰ ਕਾਬੂ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸਹਾਇਕ ਸਬ ਇੰਸਪੈਕਟਰ ਨੇ ਦੱਸਿਆ ਕਿ ਉਹ ਚੌਂਕੀ ਬਸੰਤ ਪਾਰਕ ਵਿਖੇ ਤੈਨਾਤ ਹੈ ਅਤੇ ਬੀਤੇ ਦਿਨ ਉਹ ਕਚਹਿਰੀ ਕੰਮਕਾਜ ਦੇ ਸਿਲਸਿਲੇ ਵਿਚ ਗਿਆ ਸੀ ਅਤੇ ਉਸ ਨੇ ਅਦਾਲਤੀ ਕੰਪਲੈਕਸ ਦੇ ਬਾਹਰ ਬਣੀ ਪਾਰਕਿੰਗ ਵਿਚ ਆਪਣਾ ਮੋਟਰਸਾਈਕਲ ਖੜ੍ਹਾ ਕੀਤਾ ਸੀ, ਜਿੱਥੇ ਕਿ ਉਕਤ ਕਥਿਤ ਦੋਸ਼ੀ ਵਲੋਂ ਚੋਰੀ ਕਰ ਲਿਆ ਗਿਆ | ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ | ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ |