ਲੁਧਿਆਣਾ, 22 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੈਸੇ ਦੇ ਲੈਣ ਦੇਣ ਨੂੰ ਲੈ ਕੇ ਕੁਝ ਨੌਜਵਾਨਾਂ ਵਲੋਂ ਕੁੰਦਨਪੁਰੀ ਵਿਚ ਆਪਣੇ ਇਕ ਦੋਸਤ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਪੁਲਿਸ ਨੇ ਇਕ ਨੂੰ ਕਾਬੂ ਕਰ ਲਿਆ ਹੈ | ਹਾਲਾਂਕਿ ਇਸ ਮਾਮਲੇ ਵਿਚ ਕਿਸੇ ਵੀ ਵਿਅਕਤੀ ਵਲੋਂ ਕੋਈ ਸ਼ਿਕਾਇਤ ਨਹੀਂ ਕੀਤੀ ਗਈ ਸੀ | ਪੁਲਿਸ ਵਲੋਂ ਆਪਣੇ ਪੱਧਰ 'ਤੇ ਕੇਸ ਦਰਜ ਕਰਨ ਉਪਰੰਤ ਇਹ ਕਾਰਵਾਈ ਅਮਲ ਵਿਚ ਲਿਆਂਦੀ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਰਿਸ਼ਬ ਪੁਜਾਰਾ ਵਜੋਂ ਕੀਤੀ ਗਈ ਹੈ, ਜਿਸ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ | ਪੁਲਿਸ ਵਲੋਂ ਇਸ ਮਾਮਲੇ ਵਿਚ ਕੁਝ ਹੋਰ ਨੌਜਵਾਨਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ ਜੋ ਕਿ ਅਜੇ ਫਰਾਰ ਦੱਸੇ ਜਾਂਦੇ ਹਨ | ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ | ਘਟਨਾ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ |