ਚੰਡੀਗੜ੍ਹ, 1 ਜੂਨ (ਅਜੀਤ ਬਿਊਰੋ)ਸੂਬੇ 'ਚ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 113 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 2.09 ਕਿੱਲੋ ਹੈਰੋਇਨ, 530 ਗ੍ਰਾਮ ਅਫ਼ੀਮ, 32679 ਨਸ਼ੀਲੀਆਂ ਗੋਲੀਆਂ ਤੇ 1.8 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸ ਦੇ ਨਾਲ, 92 ਦਿਨਾਂ 'ਚ ਗਿ੍ਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 14 ਹਜ਼ਾਰ 944 ਹੋ ਗਈ ਹੈ | ਪੰਜਾਬ ਦੇ ਸਪੈਸ਼ਲ ਡੀ. ਜੀ. ਪੀ. (ਕਾਨੂੰਨ ਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਦੱਸਿਆ ਕਿ 86 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ 'ਚ 461 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚੱਲਦਿਆਂ ਸੂਬੇ ਭਰ 'ਚ 83 ਐਫ਼. ਆਈ. ਆਰਜ਼ ਦਰਜ ਕੀਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 382 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ | ਅੱਜ 92 ਵਿਅਕਤੀਆਂ ਨੂੰ ਨਸ਼ਾ ਛੁਡਾਊ ਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪੇ੍ਰਰਿਆ ਹੈ | ਪੁਲਿਸ ਟੀਮਾਂ ਨੇ ਫ਼ਾਜ਼ਿਲਕਾ, ਫ਼ਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ ਤੇ ਮੋਗਾ ਸਮੇਤ ਪੰਜ ਜ਼ਿਲਿ੍ਹਆਂ 'ਚ 106 ਮੈਡੀਕਲ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਹੈ |