ਐੱਸ. ਏ. ਐੱਸ. ਨਗਰ, 2 ਜੂਨ (ਪ੍ਰੋ. ਅਵਤਾਰ ਸਿੰਘ)-ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ 'ਚ ਮੁਹਾਲੀ ਸਥਿਤ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਹੋਈ, ਜਿਸ 'ਚ ਬੋਰਡ ਨਾਲ ਸੰਬੰਧਤ ਵੱਖ-ਵੱਖ ਏਜੰਡਿਆਂ 'ਤੇ ਵਿਸਥਾਰ ਸਹਿਤ ਚਰਚਾ ਕੀਤੀ ਗਈ ਅਤੇ ਕਈ ਅਹਿਮ ਏਜੰਡਿਆਂ ਨੂੰ ਪਾਸ ਕਰਕੇ ਜਲਦ ਤੋਂ ਜਲਦ ਅਮਲੀ-ਜਾਮਾ ਪਹਿਨਾਉਣ ਦਾ ਫ਼ੈਸਲਾ ਲਿਆ ਗਿਆ | ਇਸ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਕੀਤੇ ਜਾ ਰਹੇ ਉਪਰਾਲਿਆ ਬਾਰੇ ਵੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ | ਇਸੇ ਦੌਰਾਨ ਚੇਅਰਮੈਨ ਬਰਸਟ ਨੇ ਦੱਸਿਆ ਕਿ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਵਿਸ਼ੇਸ਼ ਯੋਜਨਾਵਾਂ ਬਣਾਈਆਂ ਗਈਆਂ ਹਨ, ਜਿਨ੍ਹਾਂ 'ਤੇ ਜੋਰਾਂ-ਸ਼ੋਰਾਂ ਨਾਲ ਕੰਮ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਸੂਬੇ ਦੀਆਂ ਵੱਖ-ਵੱਖ ਮੰਡੀਆਂ 'ਚ ਏ. ਟੀ. ਐਮਜ਼ ਤੇ ਯੂਨੀਪੋਲ ਲਗਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਦੀ ਸਮੂਹ ਮੈਂਬਰਾਂ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ | ਇਸ ਮੌਕੇ ਰਾਮਵੀਰ ਸਕੱਤਰ ਪੰਜਾਬ ਮੰਡੀ ਬੋਰਡ, ਬਲਦੀਪ ਕੌਰ ਵਿਸ਼ੇਸ਼ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ, ਬਲਜਿੰਦਰ ਸਿੰਘ, ਹਰਪ੍ਰੀਤ ਸਿੰਘ, ਜਸਮਿੰਦਰ ਸਿੰਘ (ਸਾਰੇ ਉਪ ਸਕੱਤਰ), ਹਰਪ੍ਰੀਤ ਸਿੰਘ ਡਿਪਟੀ ਡਾਇਰੈਕਟਰ ਬਾਗ਼ਬਾਨੀ ਵਿਭਾਗ ਪੰਜਾਬ, ਤੇਜਪਾਲ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ ਵਿਭਾਗ, ਦੇਵ ਰਾਜ ਸੁਪਰਡੈਂਟ ਕੋਆਪ੍ਰੇਟਿਵ ਸੁਸਾਇਟੀਜ਼ ਪੰਜਾਬ, ਗਗਨਦੀਪ ਰਿਸਰਚ ਐਸਸੋਸੀਏਟ ਫਾਰਮਰਜ਼ ਕਮਿਸ਼ਨ ਪੰਜਾਬ, ਡਾ. ਐੱਚ. ਕੇ. ਮਾਵੀ ਵਿਗਿਆਨਕ ਖੇਤੀਬਾੜੀ ਮਾਰਕੀਟਿੰਗ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਆਦਿ ਵੀ ਹਾਜ਼ਰ ਸਨ |