ਚੰਡੀਗੜ੍ਹ, 4 ਜੂਨ (ਸੰਦੀਪ ਕੁਮਾਰ ਮਾਹਨਾ) ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਅੱਜ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸਵ. ਸੁਖਦੇਵ ਸਿੰਘ ਢੀਂਡਸਾ ਦੇ ਨਿਵਾਸ ਸਥਾਨ 'ਤੇ ਪਹੁੰਚੇ ਅਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨਾਲ ਮੁਲਾਕਾਤ ਕਰ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ ਦੁੱਖ ਸਾਂਝਾ ਕੀਤਾ | ਇਸ ਮੌਕੇ ਭਾਜਪਾ ਦੇ ਸੂਬਾ ਮੀਡੀਆ ਸਕੱਤਰ ਹਰਦੇਵ ਸਿੰਘ ਉੱਭਾ ਤੇ ਕਈ ਹੋਰ ਭਾਜਪਾ ਆਗੂ ਵੀ ਮੌਜੂਦ ਸਨ | ਤਰੁਣ ਚੁੱਘ ਨੇ ਢੀਂਡਸਾ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦੇ ਹੋਏ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਨਾ ਸਿਰਫ਼ ਇਕ ਤਜਰਬੇਕਾਰ ਅਤੇ ਵਫ਼ਾਦਾਰ ਸਿਆਸਤਦਾਨ ਸਨ, ਸਗੋਂ ਉਹ ਪੰਜਾਬ ਦੀ ਵਿਰਾਸਤ ਦੇ ਪ੍ਰਤੀਕ ਵੀ ਸਨ | ਜੋ ਹਮੇਸ਼ਾ ਹਿੰਦੂ-ਸਿੱਖ ਭਾਈਚਾਰੇ, ਸਮਾਜਿਕ ਸਦਭਾਵਨਾ ਅਤੇ ਰਾਸ਼ਟਰੀ ਏਕਤਾ ਦਾ ਸੰਦੇਸ਼ ਦਿੰਦੇ ਸਨ | ਉਨ੍ਹਾਂ ਕਿਹਾ ਢੀਂਡਸਾ ਹੋਰਾਂ ਦਾ ਜੀਵਨ ਸੇਵਾ, ਸਾਦਗੀ ਅਤੇ ਸਿਧਾਂਤਾਂ ਨਾਲ ਭਰਪੂਰ ਸੀ | ਉਨ੍ਹਾਂ ਦਾ ਦਿਹਾਂਤ ਨਾ ਸਿਰਫ਼ ਪੰਜਾਬ ਲਈ ਸਗੋਂ ਪੂਰੇ ਦੇਸ਼ ਲਈ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ | ਉਹ ਇਕ ਅਜਿਹੀ ਸ਼ਖ਼ਸੀਅਤ ਸਨ ਜਿਨ੍ਹਾਂ ਦਾ ਹਰ ਕੋਈ ਪਾਰਟੀ ਅਤੇ ਵਿਚਾਰਧਾਰਾ ਦੀ ਪਰਵਾਹ ਕੀਤੇ ਬਿਨਾਂ ਸਤਿਕਾਰ ਕਰਦਾ ਸੀ | ਇਸ ਮੌਕੇ ਤਰੁਣ ਚੁੱਘ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ |