ਮਾਮਲਾ ਫ਼ੌਜ ਦੇ ਕਰਨਲ ਅਤੇ ਉਨ੍ਹਾਂ ਦੇ ਪੁੱਤਰ ਨਾਲ ਕੁੱਟਮਾਰ ਦਾ
ਚੰਡੀਗੜ੍ਹ, 4 ਜੂਨ (ਸੰਦੀਪ ਕੁਮਾਰ ਮਾਹਨਾ) - ਹਾਈ ਕੋਰਟ ਵਲੋਂ ਪਟਿਆਲਾ 'ਚ ਪਾਰਕਿੰਗ ਵਿਵਾਦ ਨੂੰ ਲੈ ਕੇ ਪੁਲਿਸ ਮੁਲਾਜ਼ਮਾਂ ਵਲੋਂ ਫ਼ੌਜ ਦੇ ਕਰਨਲ ਅਤੇ ਉਸ ਦੇ ਪੁੱਤਰ 'ਤੇ ਹੋਏ ਹਮਲੇ ਦੀ ਜਾਂਚ ਭਾਵੇਂ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤੀ ਗਈ ਹੈ, ਪਰ ਪਰਿਵਾਰ ਨੇ ਅੱਜ ਮੁੜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ 'ਤੇ 80 ਦਿਨਾਂ ਤੋਂ ਭਗੌੜੇ 4 ਪੁਲਿਸ ਅਧਿਕਾਰੀਆਂ ਨੂੰ ਬਚਾਉਣ ਦੇ ਇਲਜ਼ਾਮ ਲਗਾਏ ਹਨ | ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ ਨੇ ਕਿਹਾ ਕਿ ਚਾਰੋਂ ਪੁਲਿਸ ਅਧਿਕਾਰੀ ਗੰਨਮੈਨਾਂ ਸਮੇਤ ਸ਼ਰ੍ਹੇਆਮ ਪਟਿਆਲਾ 'ਚ ਘੰੁਮਦੇ ਨਜ਼ਰ ਆਉਂਦੇ ਹਨ ਤੇ ਜਦ ਵੀ ਚੰਡੀਗੜ੍ਹ ਪੁਲਿਸ ਦੇ ਅਧਿਕਾਰੀ ਪਟਿਆਲਾ ਜਾਂਚ ਕਰਨ ਲਈ ਪਹੁੰਚਦੇ ਹਨ ਤਾਂ ਦੋਸ਼ੀ ਪੁਲਿਸ ਅਧਿਕਾਰੀ ਗ਼ਾਇਬ ਹੋ ਜਾਂਦੇ ਹਨ | ਉਨ੍ਹਾਂ ਕਿਹਾ ਕਿ ਇਸ ਦੇ ਸਬੂਤ ਵੀ ਉਨ੍ਹਾਂ ਕੋਲ ਮੌਜੂਦ ਹਨ, ਜਿਨ੍ਹਾਂ ਨੂੰ ਉਹ ਅਦਾਲਤ 'ਚ ਪੇਸ਼ ਕਰਨਗੇ | ਜਸਵਿੰਦਰ ਕੌਰ ਬਾਠ ਨੇ ਪੰਜਾਬ ਸਰਕਾਰ 'ਤੇ ਪੁਲਿਸ ਅਧਿਕਾਰੀਆਂ ਨੂੰ ਬਚਾਉਣ ਦੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਜਦ ਕੋਈ ਆਮ ਘਟਨਾ ਵਾਪਰਦੀ ਹੈ ਤਾਂ ਪੰਜਾਬ ਪੁਲਿਸ ਤੁਰੰਤ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਫੜ ਲੈਂਦੀ ਹੈ, ਪਰ ਫ਼ੌਜ ਦੇ ਇੱਕ ਕਰਨਲ ਦੀ ਬੁਰੀ ਤਰਾਂ ਕੁੱਟਮਾਰ ਕੀਤੀ ਜਾਂਦੀ ਹੈ ਤਾਂ ਉਨ੍ਹਾਂ 'ਤੇ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ, ਸਗੋਂ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਕਿਉਂਕਿ ਉਹ ਪੁਲਿਸ ਅਧਿਕਾਰੀ ਹਨ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ 17 ਜੁਲਾਈ ਨੂੰ ਹਾਈ ਕੋਰਟ 'ਚ ਸੁਣਵਾਈ ਹੈ ਤੇ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਸੁਪਰੀਮ ਕੋਰਟ ਤੱਕ ਪਹੁੰਚ ਕਰਨਗੇ | ਜ਼ਿਕਰਯੋਗ ਹੈ ਕਿ ਇਹ ਘਟਨਾ 13 ਅਤੇ 14 ਮਾਰਚ ਦੀ ਵਿਚਕਾਰਲੀ ਰਾਤ ਨੂੰ ਵਾਪਰੀ ਸੀ, ਜਦੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦਾ ਪੁੱਤਰ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਨੇੜੇ ਸੜਕ ਕਿਨਾਰੇ ਖਾਣ-ਪੀਣ ਲਈ ਰੁਕੇ ਸਨ | ਪਰਿਵਾਰ ਨੇ ਦੋਸ਼ ਲਗਾਇਆ ਸੀ ਕਿ ਜਦ ਦੋਵੇਂ ਆਪਣੀ ਕਾਰ ਦੇ ਬਾਹਰ ਖੜੇ ਹੋ ਕੇ ਖਾਣਾ ਖਾ ਰਹੇ ਸਨ, ਤਾਂ ਸਿਵਲ ਪਹਿਰਾਵੇ ਵਿਚ ਕੁਝ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਕਰਨਲ ਬਾਠ ਨੂੰ ਗੱਡੀ ਹਟਾਉਣ ਲਈ ਕਿਹਾ ਕਿਉਂਕਿ ਉਨ੍ਹਾਂ ਪੁਲਿਸ ਅਧਿਕਾਰੀਆਂ ਨੇ ਆਪਣੀ ਗੱਡੀ ਉੱਥੇ ਪਾਰਕ ਕਰਨੀ ਸੀ | ਜਦੋਂ ਕਰਨਲ ਬਾਠ ਨੇ ਉਨ੍ਹਾਂ ਦੇ ਰੁੱਖੇ ਲਹਿਜ਼ੇ 'ਤੇ ਇਤਰਾਜ਼ ਜਤਾਇਆ ਤਾਂ ਉਨ੍ਹਾਂ ਵਿਚੋਂ ਇਕ ਪੁਲਿਸ ਅਧਿਕਾਰੀ ਨੇ ਕਰਨਲ ਬਾਠ ਨੂੰ ਮੁੱਕਾ ਮਾਰਿਆ ਅਤੇ ਬਾਅਦ ਵਿਚ ਸਾਰੇ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪੁੱਤਰ ਦੀ ਕੁੱਟਮਾਰ ਕੀਤੀ | ਝਗੜੇ ਦੌਰਾਨ ਕਰਨਲ ਬਾਠ ਦੀ ਬਾਂਹ ਟੁੱਟ ਗਈ ਅਤੇ ਉਨ੍ਹਾਂ ਦੇ ਪੁੱਤਰ ਦੇ ਸਿਰ 'ਤੇ ਲੰਮਾ ਕੱਟ ਲੱਗਿਆ | ਕਰਨਲ ਬਾਠ ਇਸ ਸਮੇਂ ਆਰਮੀ ਹੈੱਡਕੁਆਰਟਰ ਨਵੀਂ ਦਿੱਲੀ ਵਿਖੇ ਤਾਇਨਾਤ ਹਨ | ਹਾਲਾਂਕਿ ਪੰਜਾਬ ਪੁਲਿਸ ਨੇ ਇਸ ਮਾਮਲੇ 'ਚ 12 ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਅਤੇ ਉਨ੍ਹਾਂ ਵਿਰੁੱਧ ਵਿਭਾਗੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ |