ਕੁਰਾਲੀ, 4 ਜੂਨ (ਹਰਪ੍ਰੀਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਕੈਂਸਰ ਅਤੇ ਹੋਰਨਾਂ ਭਿਆਨਕ ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਨੂੰ ਇਲਾਜ ਲਈ ਦਿੱਤੀ ਜਾਂਦੀ ਮਾਲੀ ਮਦਦ ਦੇ ਚਲਦਿਆਂ ਅੱਜ ਹਲਕਾ ਮੋਰਿੰਡਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਜਮੇਰ ਸਿੰਘ ਖੇੜਾ ਵਲੋਂ ਸਥਾਨਕ ਸ਼ਹਿਰ ਦੇ ਇਕ ਪਰਿਵਾਰ ਨੂੰ ਮਾਲੀ ਮਦਦ ਭੇਟ ਕੀਤੀ ਗਈ | ਇਸ ਮੌਕੇ ਜਥੇ. ਖੇੜਾ ਨੇ ਮਨਪ੍ਰੀਤ ਕੌਰ ਪਤਨੀ ਮਨਜੀਤ ਸਿੰਘ ਨੂੰ ਮਾਇਕ ਮਦਦ ਦਾ ਚੈੱਕ ਭੇਟ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਕਮੇਟੀ ਅਜਿਹੀਆਂ ਭਿਆਨਕ ਬਿਮਾਰੀਆਂ ਤੋਂ ਪੀੜਤ ਲੋਕਾਂ ਦੇ ਇਲਾਜ ਲਈ ਹਰ ਸੰਭਵ ਯਤਨ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵਲੋਂ ਪਿਛਲੇ ਲੰਬੇ ਸਮੇਂ ਤੋਂ ਇਹ ਯੋਜਨਾ ਉਲੀਕੀ ਗਈ ਹੈ, ਜਿਸ ਦੇ ਚਲਦਿਆਂ ਹਜ਼ਾਰਾਂ ਪਰਿਵਾਰ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ | ਇਸ ਮੌਕੇ ਕੌਂਸਲਰ ਤੇ ਸਮਾਜ ਸੇਵੀ ਬਹਾਦਰ ਸਿੰਘ ਓ. ਕੇ. ਨੇ ਸ਼੍ਰੋਮਣੀ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਪੀੜਤ ਪਰਿਵਾਰ ਦੀ ਮਦਦ ਬਦਲੇ ਜਥੇ. ਅਜਮੇਰ ਸਿੰਘ ਖੇੜਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ | ਉਨ੍ਹਾਂ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਜਿਹੇ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ |