ਡੇਰਾਬੱਸੀ, 2 ਸਤੰਬਰ (ਗੁਰਮੀਤ ਸਿੰਘ)-ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਖੇਤਰ ਦੇ ਪਿੰਡ ਪਰਾਗਪੁਰ, ਇਬਰਾਹੀਮਪੁਰ, ਬੋਹੜਾ ਤੇ ਬੋਹੜੀ ਨੇੜੇ ਘੱਗਰ ਦਰਿਆ ਦੇ ਬੰਨ੍ਹ ਅਤੇ ਪਾਣੀ ਦੇ ਵਹਾਅ ਦੀ ਸਥਿਤੀ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਅਤੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਹਾਲਾਤਾਂ ਦੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਵਲੋਂ ਸਮੇਂ ਸਿਰ ਲੋੜੀਂਦੇ ਉਪਾਅ ਕੀਤੇ ਜਾਣਗੇ | ਉਨ੍ਹਾਂ ਪਿੰਡ ਵਾਸੀਆਂ ਦੀ ਹਾਜ਼ਰੀ 'ਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਜਿਥੇ ਵੀ ਬੰਨ੍ਹ ਨੂੰ ਮਜ਼ਬੂਤ ਕਰਨ ਦੀ ਲੋੜ ਹੈ, ਉਥੇ ਜਲਦੀ ਤੋਂ ਜਲਦੀ ਕੰਮ ਸ਼ੁਰੂ ਕਰਨ ਲਈ ਕਿਹਾ ਤਾਂ ਜੋ ਪਿੰਡ ਵਾਸੀਆਂ ਦਾ ਕੋਈ ਨੁਕਸਾਨ ਨਾ ਹੋ ਸਕੇ ਅਤੇ ਉਥੇ ਹਰ ਸਮੇਂ ਪੌਕਲਾਈਨ ਮਸ਼ੀਨਾਂ ਤੇ ਮਿੱਟੀ ਦੇ ਨਾਲ-ਨਾਲ ਸੰਬੰਧਤ ਵਿਭਾਗ ਦੇ ਇਕ ਅਧਿਕਾਰੀ ਨੂੰ 24 ਘੰਟੇ ਡਿਊਟੀ 'ਤੇ ਤਾਇਨਾਤ ਰਹਿਣ ਦੀ ਹਦਾਇਤ ਕੀਤੀ | ਵਿਧਾਇਕ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਵਲੋਂ ਪਾਣੀ ਦੀ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਹਰ ਕਿਸਮ ਦੀ ਐਮਰਜੈਂਸੀ ਨਾਲ ਨਜਿੱਠਣ ਲਈ ਪੂਰੀ ਤਿਆਰੀ ਕੀਤੀ ਜਾ ਚੁੱਕੀ ਹੈ | ਉਨ੍ਹਾਂ ਕਿਹਾ ਕਿ ਘੱਗਰ ਦਰਿਆ ਦੀਆਂ ਨਾਜ਼ੁਕ ਥਾਵਾਂ 'ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਹੰਗਾਮੀ ਹਾਲਤ 'ਚ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਨੰਬਰਾਂ 0172-2219506 (ਡੀ. ਸੀ. ਦਫ਼ਤਰ), ਮੋਬਾਈਲ ਨੰ. 76580-51209 (ਡੀ. ਸੀ. ਦਫ਼ਤਰ) ਅਤੇ ਸਬ-ਡਵੀਜ਼ਨ ਡੇਰਾਬੱਸੀ ਦੇ ਕੰਟਰੋਲ ਰੂਮ ਨੰ. 01762-283224 'ਤੇ ਸੰਪਰਕ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮੋਬਾਈਲ ਨੰਬਰ ਤੋਂ ਇਲਾਵਾ ਉਨ੍ਹਾਂ ਦੇ ਡੇਰਾਬੱਸੀ ਦਫ਼ਤਰ ਦੇ ਨੰਬਰ 01762-280095 ਅਤੇ ਜ਼ੀਰਕਪੁਰ ਦਫ਼ਤਰ ਦੇ ਨੰਬਰ 01762-528902 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ |