ਮੁੱਲਾਂਪੁਰ ਗਰੀਬਦਾਸ, 4 ਸਤੰਬਰ (ਦਿਲਬਰ ਸਿੰਘ ਖੈਰਪੁਰ)-ਪੰਜਾਬ 'ਚ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਨੂੰ ਦੇਖਦੇ ਹੋਏ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਸਥਿਤ ਗੁਰਦੁਆਰਾ ਸ਼ੀਸ਼ ਮਹਿਲ ਸਿਸਵਾਂ ਦੇ ਮੁੱਖ ਸੇਵਾਦਾਰ ਬਾਬਾ ਕੁਲਜੀਤ ਸਿੰਘ ਨੇ ਕਿਹਾ ਕਿ ਇਸ ਔਖੀ ਘੜੀ 'ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜਨ ਦੀ ਲੋੜ ਹੈ | ਉਨ੍ਹਾਂ ਦੱਸਿਆ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਪੰਜਾਬ ਲੋਕ ਸੇਵਾ ਸੁਸਾਇਟੀ ਦੇ ਚੇਅਰਮੈਨ ਜਗਦੇਵ ਸਿੰਘ ਮਲੋਆ ਤੇ ਪ੍ਰਧਾਨ ਜਸਵੀਰ ਸਿੰਘ ਜੱਸਾ ਵਲੋਂ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ, ਜਿਸ 'ਚ ਤਿ੍ਪਾਲਾਂ, ਸੁੱਕਾ ਰਾਸ਼ਨ, ਦੁੱਧ ਅਤੇ ਡੀਜ਼ਲ ਆਦਿ ਸਾਮਾਨ ਸ਼ਾਮਿਲ ਹੈ | ਬਾਬਾ ਕੁਲਜੀਤ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ 'ਚ ਇਸ ਸੰਸਥਾ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਹੋਰ ਵੀ ਉਪਰਾਲੇ ਕੀਤੇ ਜਾਣਗੇ | ਇਸ ਮੌਕੇ ਜਗਦੇਵ ਸਿੰਘ ਮਲੋਆ ਨੇ ਕਿਹਾ ਕਿ ਸਾਡੀ ਟੀਮ ਅਕਸਰ ਇਸ ਤਰ੍ਹਾਂ ਦੇ ਉਪਰਾਲੇ ਕਰਦੀ ਆ ਰਹੀ ਹੈ ਤੇ ਆਉਣ ਵਾਲੇ ਦਿਨਾਂ 'ਚ ਹਲਕਾ ਖਰੜ ਦੇ ਆਮ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਵੀ ਮਿਲ-ਜੁਲ ਕੇ ਹੱਲ ਕੀਤਾ ਜਾਵੇਗਾ | ਇਸ ਮੌਕੇ ਯੂਥ ਆਗੂ ਲਾਲੀ ਸਿੰਗਲਾ, ਅਮਿਤ ਕੁਮਾਰ, ਸਵਰਨ ਸੋਹੀ, ਅਮਰਜੀਤ ਸਿੰਘ, ਅਕਾਲ ਯੂਥ ਦੇ ਪ੍ਰਧਾਨ ਪਵਨਦੀਪ ਸਿੰਘ, ਸਵਰਨ ਸਿੰਘ ਤੇ ਦਰਸ਼ਨ ਸਿੰਘ ਆਦਿ ਹਾਜ਼ਰ ਸਨ |