ਐੱਸ. ਏ. ਐੱਸ. ਨਗਰ, 4 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਵੇਵ ਅਸਟੇਟ ਸੈਕਟਰ-85 ਮੁਹਾਲੀ ਦੇ ਵਸਨੀਕਾਂ ਵਲੋਂ ਪਿਛਲੇ ਕਈ ਸਾਲਾਂ ਤੋਂ ਬਰਸਾਤੀ ਪਾਣੀ ਦੇ ਨਿਕਾਸੀ ਪ੍ਰਬੰਧ ਨਾ ਹੋਣ ਤੇ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਦੇ ਚਲਦਿਆਂ ਪ੍ਰੋਗਰੈਸਿਵ ਫ਼ਰੰਟ ਪੰਜਾਬ ਦੇ ਸੂਬਾ ਸਕੱਤਰ ਤੇ ਸਾਬਕਾ ਪੁਲਿਸ ਅਧਿਕਾਰੀ ਮਹਿੰਦਰ ਸਿੰਘ ਦੀ ਅਗਵਾਈ ਵਿਚ ਕਲੱਬ ਹਾਊਸ ਵਿਖੇ ਇਕੱਠੇ ਹੋਣ ਉਪਰੰਤ ਬਿਲਡਰ ਦੇ ਦਫ਼ਤਰ ਤੱਕ ਰੋਸ ਮਾਰਚ ਕਰਦਿਆਂ ਮੈਨੇਜਮੈਂਟ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਮਹਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵੇਵ ਅਸਟੇਟ ਦੇ ਬਲਾਕ ਏ ਦੀਆਂ ਕਈ ਗਲੀਆਂ ਵਿਚ ਬਰਸਾਤ ਸਮੇਂ ਕਈ-ਕਈ ਫੁੱਟ ਪਾਣੀ ਭਰ ਜਾਂਦਾ ਹੈ, ਜਿਸ ਨਾਲ ਉਨ੍ਹਾਂ ਦੀਆਂ ਕਾਰਾਂ ਤੇ ਹੋਰਨਾਂ ਵਾਹਨਾਂ 'ਚ ਪਾਣੀ ਭਰਨ ਕਰਕੇ ਉਹ ਖ਼ਰਾਬ ਹੋ ਜਾਂਦੇ ਹਨ | ਉਨ੍ਹਾਂ ਦੱਸਿਆ ਕਿ ਇਥੇ ਸੀਵਰੇਜ ਦੇ ਗਟਰਾਂ ਦੀ ਕੋਈ ਸਫ਼ਾਈ ਨਹੀਂ ਕੀਤੀ ਜਾਂਦੀ ਅਤੇ ਗਲੀਆਂ ਵਿਚ ਭਾਰੀ ਮਾਤਰਾ ਵਿਚ ਇਕੱਠੇ ਹੋਏ ਕੂੜੇ ਦੀ ਵੀ ਕਈ-ਕਈ ਦਿਨ ਸਫ਼ਾਈ ਨਹੀਂ ਕੀਤੀ ਜਾਂਦੀ, ਜਿਸ ਨਾਲ ਬਦਬੂ ਆਉਂਦੀ ਰਹਿੰਦੀ ਹੈ, ਜੋ ਕਿ ਕਿਸੇ ਸਮੇਂ ਵੀ ਕਿਸੇ ਭਿਆਨਕ ਬਿਮਾਰੀ ਦੇ ਪੈਰ ਪਸਾਰਨ ਦਾ ਕਰਨ ਬਣ ਸਕਦੀ ਹੈ | ਉਨ੍ਹਾਂ ਕਿਹਾ ਕਿ ਵੇਵ ਮੈਨੇਜਮੈਂਟ ਦੇ ਦਿੱਲੀ ਸਥਿਤ ਮੁੱਖ ਦਫ਼ਤਰ ਨੂੰ ਵੀ ਜਲਦ ਇਨ੍ਹਾਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਜਾਵੇਗਾ ਅਤੇ ਨਗਰ ਨਿਗਮ ਅਤੇ ਗਮਾਡਾ ਦੇ ਅਧਿਕਾਰੀਆਂ ਨੂੰ ਵੀ ਮੈਨੇਜਮੈਂਟ ਦੀ ਸ਼ਿਕਾਇਤ ਕੀਤੀ ਜਾਵੇਗੀ | ਇਸ ਮੌਕੇ ਆਗੂਆਂ ਨੇ ਵੇਵ ਅਸਟੇਸਟ ਦੀ ਮੈਨੇਜਮੈਂਟ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਜਲਦ ਨਾ ਕਰਵਾਇਆ ਗਿਆ ਤਾਂ ਉਹ ਵੇਵ ਅਸਟੇਟ ਦੇ ਸਾਰੇ ਗੇਟ ਬੰਦ ਕਰਕੇ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨਗੇ | ਇਸ ਮੌਕੇ ਰੈਜ਼ੀਡੈਂਟ ਵੈੱਲਫ਼ੇਅਰ ਐਸੋਸੀਏਸ਼ਨ ਦੇ ਆਗੂ ਭੁਪਿੰਦਰ ਸਿੰਘ ਢਿੱਲੋਂ, ਸਤਵਿੰਦਰ ਸਿੰਘ ਮੱਲੀ, ਬਲਜੀਤ ਸਿੰਘ ਉਪ ਪ੍ਰਧਾਨ, ਪ੍ਰੋਗਰੈਸਿਵ ਫ਼ਰੰਟ ਪੰਜਾਬ ਦੇ ਚੇਅਰਮੈਨ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ, ਫ਼ਰੰਟ ਦੇ ਪ੍ਰਮੁੱਖ ਆਗੂ ਪਰਮਜੀਤ ਸਿੰਘ ਮਲਕਪੁਰ, ਦਲਜੀਤ ਸਿੰਘ ਕੈਲੋਂ, ਪਵਨ ਸਚਦੇਵਾ, ਰਾਜੇਸ਼ ਸ਼ਰਮਾ, ਮਹੇਸ਼ ਸ਼ਰਮਾ, ਵਾਈ. ਪੀ. ਰਤਨ, ਪ੍ਰੋ. ਅਮਰੀਕ ਸਿੰਘ, ਸੁਰਿੰਦਰ ਰਾਣਾ, ਪ੍ਰੇਮ ਸਿੰਗਲਾ, ਸਰੂਪ ਸਿੰਘ ਅਤੇ ਅਸੀਮ ਖੁੰਗਰ ਆਦਿ ਹਾਜ਼ਰ ਸਨ |