ਐੱਸ. ਏ. ਐੱਸ. ਨਗਰ, 4 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਹੜ੍ਹਾਂ ਦੀ ਆਫ਼ਤ ਦੌਰਾਨ ਪੰਜਾਬ ਸਰਕਾਰ ਵਲੋਂ ਭਰਤੀ ਕੀਤੇ ਗਏ ਨਵੇਂ ਮੈਡੀਕਲ ਅਧਿਕਾਰੀਆਂ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਆਪਣੀ ਹਾਜ਼ਰੀ ਦਿੱਤੀ ਹੈ | ਇਸ ਸੰਬੰਧ ਵਿਚ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੂਰੇ ਪੰਜਾਬ ਵਿਚ ਮੈਡੀਕਲ ਅਧਿਕਾਰੀਆਂ ਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿਚ 16 ਮੈਡੀਕਲ ਅਧਿਕਾਰੀਆਂ ਦੀ ਨਿਯੁਕਤੀ ਹੋਈ ਹੈ, ਜਿਨ੍ਹਾਂ ਵਿਚੋਂ 8 ਮੈਡੀਕਲ ਅਧਿਕਾਰੀਆਂ ਨੇ ਜੁਆਇੰਨ ਕਰ ਲਿਆ ਹੈ ਤੇ ਬਾਕੀਆਂ ਨੇ ਵੀ ਬਹੁਤ ਜਲਦੀ ਜੁਆਇੰਨ ਕਰਨ ਦੀ ਹਾਮੀ ਭਰੀ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਅਧਿਕਾਰੀਆਂ ਦੀ ਨਿਯੁਕਤੀ ਨਾਲ ਜ਼ਿਲ੍ਹੇ ਦੇ ਲੋਕਾਂ ਨੂੰ ਹੋਰ ਵਧੀਆ ਸਿਹਤ ਸੇਵਾਵਾਂ ਦੇਣ ਵਿਚ ਕਾਫ਼ੀ ਮਦਦ ਮਿਲੇਗੀ | ਉਨ੍ਹਾਂ ਕਿਹਾ ਇਸ ਵੇਲੇ ਹੜ੍ਹਾਂ ਦੇ ਹਾਲਾਤ ਚੱਲ ਰਹੇ ਹਨ ਜਿਸ ਕਾਰਨ ਇਨ੍ਹਾਂ ਅਧਿਕਾਰੀਆਂ ਦੀ ਨਿਯੁਕਤੀ ਕਾਫ਼ੀ ਅਹਿਮ ਹੈ | ਇਨ੍ਹਾਂ ਅਧਿਕਾਰੀਆਂ ਨੂੰ ਫਿਲਹਾਲ ਹੜ੍ਹ ਪ੍ਰਭਾਵਿਤ ਜਾਂ ਹੜ੍ਹ ਸੰਭਾਵੀ ਖੇਤਰਾਂ ਵਿਚ ਤਾਇਨਾਤ ਕੀਤਾ ਗਿਆ ਹੈ ਤਾਂ ਕਿ ਹੜ੍ਹਾਂ ਦੌਰਾਨ ਲੋਕਾਂ ਨੂੰ ਸਿਹਤ ਸੇਵਾਵਾਂ ਲੈਣ ਵਿਚ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਵੇ |