ਚੰਡੀਗੜ੍ਹ, 5 ਸਤੰਬਰ (ਅਜੀਤ ਬਿਊਰੋ)-ਹੜ੍ਹਾਂ ਦੀ ਮੌਜੂਦਾ ਸਥਿਤੀ ਨਾਲ ਨਿਰਣਾਇਕ ਅਤੇ ਸਰਗਰਮੀ ਨਾਲ ਨਜਿੱਠਣ ਲਈ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਹਰਜੋਤ ਸਿੰਘ ਬੈਂਸ ਆਪੋ-ਆਪਣੇ ਜ਼ਿਲਿਆਂ ਵਿਚ ਖੁਦ ਮੂਹਰੇ ਹੋ ਕੇ ਧੁੱਸੀ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਅਗਵਾਈ ਕਰ ਰਹੇ ਹਨ ਤਾਂ ਜੋ ਲੋਕਾਂ ਨੂੰ ਹੜ੍ਹਾਂ ਦੇ ਖ਼ਤਰੇ ਤੋਂ ਬਚਾਇਆ ਜਾ ਸਕੇ | ਲੁਧਿਆਣਾ ਜ਼ਿਲੇ ਵਿਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਸਸਰਾਲੀ ਵਿਚ ਇੱਕ ਅਹਿਮ ਅਤੇ ਪ੍ਰਮੁੱਖ ਤਰਜੀਹ ਵਾਲੇ ਪ੍ਰੋਜੈਕਟ ਦਾ ਸਿੱਧਾ ਚਾਰਜ ਸੰਭਾਲ ਰਹੇ ਹਨ | ਉਹ ਮੌਜੂਦਾ ਧੁੱਸੀ ਬੰਨ੍ਹ ਤੋਂ ਲਗਭਗ 500 ਮੀਟਰ ਦੀ ਦੂਰੀ 'ਤੇ ਬਣਾਏ ਜਾ ਰਹੇ ਇੱਕ ਨਵੇਂ ਅਸਥਾਈ ਰਿੰਗ ਬੰਨ੍ਹ ਦੇ ਨਿਰਮਾਣ ਦੀ ਨੇੜਿਓਾ ਨਿਗਰਾਨੀ ਕਰ ਰਹੇ ਹਨ | ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤੀ ਫ਼ੌਜ, ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨ.ਡੀ.ਆਰ.ਐਫ.) ਅਤੇ ਸਥਾਨਕ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕੀਤੀ ਗਈ ਇਹ ਵੱਡੀ ਪਹਿਲਕਦਮੀ, ਖੇਤਰ ਵਿਚ ਹੜ੍ਹ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਦੇ ਮੱਦੇਨਜ਼ਰ ਅਗਾਊਾ ਤਿਆਰੀ ਵਜੋਂ ਕੀਤੀ ਗਈ ਹੈ | ਕੈਬਨਿਟ ਮੰਤਰੀ ਮੁੰਡੀਆਂ ਦੀ ਦੇਖ-ਰੇਖ ਵਿਚ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਅਤੇ ਅਧਿਕਾਰੀਆਂ ਦੀ ਇੱਕ ਟੀਮ, ਜੋ ਪਿਛਲੇ ਦੋ ਦਿਨਾਂ ਤੋਂ ਮੌਕੇ 'ਤੇ ਤਾਇਨਾਤ ਹੈ, ਵੱਲੋਂ ਕੀਤੀ ਜਾ ਰਹੀ ਹੈ | ਡਿਪਟੀ ਕਮਿਸ਼ਨਰ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਮੌਜੂਦਾ ਧੁੱਸੀ ਬੰਨ੍ਹ ਪੂਰੀ ਤਰਾਂ ਮਜ਼ਬੂਤ ਤੇ ਸੁਰੱਖਿਅਤ ਹੈ ਅਤੇ ਪਾੜ ਪੈਣ ਦੀ ਕੋਈ ਖ਼ਬਰ ਨਹੀਂ ਹੈ | ਇਸੇ ਤਰਾਂ, ਰੋਪੜ ਜ਼ਿਲੇ ਦੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਵਿਚ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਿੱਜੀ ਤੌਰ 'ਤੇ ਸਤਲੁਜ ਦਰਿਆ ਦੇ ਕਮਜ਼ੋਰ ਬੰਨ੍ਹਾਂ ਨੂੰ ਮਜ਼ਬੂਤ ਕਰਨ ਦੀ ਨਿਗਰਾਨੀ ਕਰ ਰਹੇ ਹਨ | ਮੰਤਰੀ ਬੈਂਸ ਖ਼ੁਦ ਮੌਕੇ 'ਤੇ ਜਾ ਕੇ ਕਮਜ਼ੋਰ ਥਾਵਾਂ ਨੂੰ ਜੰਬੋ ਬੈਗਾਂ ਨਾਲ ਮਜਬੂਤ ਕਰਨ ਅਤੇ ਸਾਰੇ ਨਿਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਮਲੇ ਨੂੰ ਨਿਰਦੇਸ਼ ਦੇ ਰਹੇ ਹਨ | ਇਕ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਦਿਆਂ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਭਾਖੜਾ ਡੈਮ ਵਿਚ ਪਾਣੀ ਦਾ ਪੱਧਰ 1679.05 ਫੁੱਟ ਤੋਂ ਘੱਟ ਕੇ 1678.66 ਫੁੱਟ ਹੋ ਗਿਆ ਹੈ, ਜਿਸ ਨਾਲ ਕਾਫੀ ਰਾਹਤ ਮਿਲੀ ਹੈ | ਉਨਾਂ ਅੱਗੇ ਕਿਹਾ ਕਿ ਮੌਸਮ ਦੀਆਂ ਭਵਿੱਖਬਾਣੀਆਂ ਘੱਟ ਬਾਰਸ਼ ਦਾ ਸੰਕੇਤ ਦਿੰਦੀਆਂ ਹਨ, ਜਿਸ ਨਾਲ ਹਾਲਾਤ ਹੋਰ ਕਾਬੂ ਵਿਚ ਆਉਣ ਦੀ ਉਮੀਦ ਹੈ | ਇਸ ਦੌਰਾਨ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ ਹਲਕੇ ਦੇ ਮਕਰੌੜ ਸਾਹਿਬ ਸਮੇਤ ਘੱਗਰ ਦਰਿਆ ਦੇ ਨਾਲ ਲਗਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ | ਉਨਾਂ ਦੱਸਿਆ ਕਿ ਦਰਿਆ ਦੀ ਨਿਰੰਤਰ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ 24 ਘੰਟੇ ਗਸ਼ਤ ਕਰਨ ਵਾਲੀਆਂ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ | ਸਰਕਾਰੀ ਮਸ਼ੀਨਰੀ, ਮੰਤਰੀਆਂ ਦੇ ਇਨ੍ਹਾਂ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਵਿਚ ਮਹੱਤਵਪੂਰਨ ਯੋਗਦਾਨ ਅਦਾ ਕਰ ਰਹੀ ਹੈ | ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਐਸ.ਐਸ.ਪੀ. ਰੂਪਨਗਰ ਗੁਲਨੀਤ ਸਿੰਘ ਖੁਰਾਨਾ ਦੀ ਅਗਵਾਈ ਵਿਚ ਰੂਪਨਗਰ ਵਿਚ ਸਰਗਰਮ ਨਿਰੀਖਣ ਜਾਰੀ ਹਨ |