ਪੰਚਕੂਲਾ, 5 ਸਤੰਬਰ (ਕਪਿਲ)-ਕਈ ਸੂਬਿਆਂ 'ਚ ਲਗਾਤਾਰ ਹੋ ਰਹੀ ਬਰਸਾਤ ਕਰਕੇ ਇਸ ਸਮੇਂ ਹੜ੍ਹ ਦੀ ਸਥਿਤੀ ਬਣੀ ਹੋਈ ਹੈ ਅਤੇ ਕਈ ਲੋਕ ਘਰਾਂ ਤੋਂ ਬੇਘਰ ਹੋ ਚੁੱਕੇ ਹਨ | ਪੰਜਾਬ, ਹਿਮਾਚਲ ਅਤੇ ਜੰਮੂ ਦੇ ਕਈ ਇਲਾਕਿਆਂ 'ਚ ਆਫ਼ਤ ਦੀ ਸਥਿਤੀ ਬਣੀ ਹੋਈ ਹੈ | ਇਸ ਨੂੰ ਮੁੱਖ ਰੱਖਦਿਆਂ ਭਾਜਪਾ ਵਲੋਂ ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਆਫ਼ਤ ਪੀੜਤਾਂ ਲਈ ਰਾਸ਼ਨ ਅਤੇ ਜ਼ਰੂਰੀ ਸਾਮਾਨ ਇਕੱਠਾ ਕਰਨ ਲਈ ਦੋ ਰੋਜ਼ਾ ਕੈਂਪ ਲਗਾਇਆ ਗਿਆ | ਭਾਜਪਾ ਵਲੋਂ ਆਮ ਜਨਤਾ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਵੱਧ ਤੋਂ ਵੱਧ ਰਾਸ਼ਨ ਅਤੇ ਹੋਰ ਸਾਮਾਨ ਦਾਨ ਕੀਤਾ ਜਾਵੇ ਤਾਂ ਜੋ ਇਸ ਨੂੰ ਜ਼ਰੂਰਤਮੰਦ ਲੋਕਾਂ ਤੱਕ ਪਹੁੰਚਾਇਆ ਜਾ ਸਕੇ | ਸੈਕਟਰ-16 'ਚ ਅੱਜ ਭਾਜਪਾ ਪੰਚਕੂਲਾ ਵਲੋਂ ਇਸ ਦੀ ਸ਼ੁਰੂਆਤ ਕੀਤੀ ਗਈ ਅਤੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਚੰਬਾ ਜ਼ਰੂਰਤਮੰਦ ਲੋਕਾਂ ਲਈ ਸਾਮਾਨ ਇਕੱਠਾ ਕੀਤਾ ਜਾ ਰਿਹਾ ਹੈ | ਇਸ ਮੌਕੇ ਹਰਿਆਣਾ ਵਿਧਾਨ ਸਭਾ ਦੇ ਸਾਬਕਾ ਸਪੀਕਰ ਗਿਆਨ ਚੰਦ ਗੁਪਤਾ ਅਤੇ ਭਾਜਪਾ ਆਗੂ ਰੰਜੀਤਾ ਮਹਿਤਾ ਸਮੇਤ ਹੋਰ ਭਾਜਪਾ ਆਗੂ ਤੇ ਲੋਕ ਮਦਦ ਲਈ ਅੱਗੇ ਆਏ | ਇਸ ਮੌਕੇ ਸਾਬਕਾ ਸਪੀਕਰ ਗਿਆਨ ਚੰਦ ਗੁਪਤਾ ਨੇ ਕਿਹਾ ਕਿ ਅਜਿਹੇ ਸਮੇਂ 'ਚ ਜਿਥੇ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਲੋਕਾਂ 'ਤੇ ਆਫ਼ਤ ਆਈ ਹੈ, ਉਥੇ ਰਾਜਨੀਤੀ ਕਰਨਾ ਠੀਕ ਨਹੀਂ ਹੈ | ਉਨ੍ਹਾਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਜ਼ਰੂਰਤਮੰਦ ਲੋਕਾਂ ਲਈ ਵੱਧ ਤੋਂ ਵੱਧ ਸਾਮਾਨ ਦਿੱਤਾ ਜਾਵੇ ਤਾਂ ਜੋ ਹੜ੍ਹ ਪ੍ਰਭਾਵਿਤਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾ ਸਕੇ | ਇਸ ਮੌਕੇ ਸਾਬਕਾ ਸਪੀਕਰ ਗਿਆਨ ਚੰਦ ਗੁਪਤਾ ਨੇ ਕਿਹਾ ਕਿ ਦੋ ਦਿਨਾਂ ਤੱਕ ਲਗਾਤਾਰ ਜ਼ਰੂਰਤਮੰਦ ਲੋਕਾਂ ਲਈ ਰਾਸ਼ਨ ਅਤੇ ਹੋਰ ਸਾਮਾਨ ਇਕੱਠਾ ਕੀਤਾ ਜਾਵੇਗਾ ਅਤੇ ਉਸ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਇਸ ਸਾਮਾਨ ਨੂੰ ਹਰੀ ਝੰਡੀ ਦਿਖਾ ਕੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਚੰਬਾ ਲਈ ਰਵਾਨਾ ਕੀਤਾ ਜਾਵੇਗਾ |