ਐੱਸ. ਏ. ਐੱਸ. ਨਗਰ, ) 5 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਭਾਰੀ ਮੀਂਹ ਦੇ ਚੱਲਦਿਆਂ ਆਪਣੇ ਅਧਿਕਾਰ ਖੇਤਰ ਅਧੀਨ ਪੈਂਦੇ ਇਲਾਕਿਆਂ ਦੇ ਵਸਨੀਕਾਂ ਦੀ ਸਹਾਇਤਾ ਲਈ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਨੇ ਹੜ੍ਹਾਂ ਨਾਲ ਸੰਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਇਕ ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਹੈ | ਅਥਾਰਟੀ ਦੇ ਦਫ਼ਤਰ ਵਿਖੇ ਸਥਾਪਤ ਕੀਤਾ ਗਿਆ ਇਹ ਕੰਟਰੋਲ ਰੂਮ 24 X 7 ਕੰਮ ਕਰੇਗਾ ਅਤੇ ਲੋਕ ਆਪਣੀਆਂ ਸ਼ਿਕਾਇਤਾਂ ਮੋਬਾਈਲ ਨੰ. 6239885502 'ਤੇ ਦਰਜ ਕਰਵਾ ਸਕਦੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗਮਾਡਾ ਦੇ ਮੁੱਖ ਪ੍ਰਸ਼ਾਸਕ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਖ਼ਰਾਬ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਅਥਾਰਟੀ ਨੇ ਇਕ ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਹੈ, ਜਿਥੇ ਕਿ ਮੋਬਾਈਲ ਨੰ. 6239885502 'ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਹੱਲ ਲਈ ਸਟਾਫ਼ ਤਾਇਨਾਤ ਕੀਤਾ ਗਿਆ ਹੈ | ਅਥਾਰਟੀ ਅਧੀਨ ਵੱਖ-ਵੱਖ ਇਲਾਕਿਆਂ ਦੇ ਵਸਨੀਕ ਹੜ੍ਹ ਨਾਲ ਸੰਬੰਧਤ ਕਿਸੇ ਵੀ ਸਮੱਸਿਆ ਬਾਰੇ ਜਾਣਕਾਰੀ ਦੇਣ ਲਈ ਇਸ ਮੋਬਾਈਲ ਨੰਬਰ 'ਤੇ ਸੰਪਰਕ ਕਰ ਸਕਦੇ ਹਨ | ਮੁੱਖ ਪ੍ਰਸ਼ਾਸਕ ਨੇ ਕਿਹਾ ਕਿ ਪ੍ਰਾਪਤ ਹੋਈ ਸ਼ਿਕਾਇਤ ਸੰਬੰਧਤ ਫ਼ੀਲਡ ਸਟਾਫ਼ ਨੂੰ ਭੇਜੀ ਜਾਵੇਗੀ | ਉਨ੍ਹਾਂ ਕਿਹਾ ਕਿ ਸਟਾਫ਼ ਨੂੰ ਸ਼ਿਕਾਇਤ ਦਾ ਹਰ ਸੰਭਵ ਅਤੇ ਘੱਟੋ-ਘੱਟ ਸਮੇਂ ਵਿਚ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ | ਮੁੱਖ ਪ੍ਰਸ਼ਾਸਕ ਨੇ ਕਿਹਾ ਕਿ ਸਮੱਸਿਆ ਦੇ ਹੱਲ ਹੋਣ ਤੋਂ ਬਾਅਦ ਫ਼ੀਲਡ ਦਫ਼ਤਰ ਕੰਟਰੋਲ ਰੂਮ ਵਿਚ ਇਸ ਸੰਬੰਧੀ ਸੂਚਨਾ ਦੇਵੇਗਾ | ਇਸ ਤੋਂ ਇਲਾਵਾ ਹੜ੍ਹ ਦੀ ਸਥਿਤੀ ਦਾ ਨਿਰੰਤਰ ਜਾਇਜ਼ਾ ਲੈਣ ਅਤੇ ਕਿਸੇ ਵੀ ਚਿੰਤਾਜਨਕ ਸਥਿਤੀ ਦੇ ਮੱਦੇਨਜ਼ਰ ਤੁਰੰਤ ਜ਼ਰੂਰੀ ਕਦਮ ਚੁੱਕਣ ਲਈ ਵੱਖ-ਵੱਖ ਖੇਤਰਾਂ ਵਿਚ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਸੰਬੰਧਤ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਫ਼ੀਲਡ ਸਟਾਫ਼ ਲਈ ਜੇ. ਸੀ. ਬੀ., ਕੈਂਟਰ/ਟਰੱਕ ਵਰਗੇ ਵਾਹਨਾਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਤਾਂ ਜੋ ਉਹ ਬਿਨਾਂ ਕਿਸੇ ਰੁਕਾਵਟ ਤੋਂ ਆਪਣੀ ਡਿਊਟੀ ਨਿਭਾ ਸਕਣ | ਮੁੱਖ ਪ੍ਰਸ਼ਾਸਕ ਨੇ ਕਿਹਾ ਕਿ ਸਟਾਫ਼ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਮੀਂਹ ਦਾ ਮੌਸਮ ਖ਼ਤਮ ਹੋਣ ਤੱਕ ਉਹ ਬਿਨਾਂ ਸੂਚਿਤ ਕੀਤੇ ਕੋਈ ਵੀ ਛੁੱਟੀ ਨਾ ਲੈਣ |