ਐਨ. ਕੇ. ਸ਼ਰਮਾ ਨੇ ਅੰਟਾਲਾ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਕੀਤਾ ਦੌਰਾ <br/>
ਅਜੀਤ ਡੈਸਕ
07-09-2025
ਲਾਲੜੂ, 6 ਸਤੰਬਰ (ਰਾਜਬੀਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਖ਼ਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ. ਕੇ. ਸ਼ਰਮਾ ਨੇ ਪਿੰਡ ਹੰਡੇਸਰਾ ਨੇੜਲੇ ਪਿੰਡਾਂ ਦਾ ਦੌਰਾ ਕਰਦਿਆਂ ਕਿਹਾ ਹੈ ਕਿ ਪਾਰਟੀ ਮੁਖੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ 'ਤੇ ਪੂਰਾ ਅਕਾਲੀ ਦਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਤਿਆਰ ਖੜਿ੍ਹਆ ਹੈ | ਅਕਾਲੀ ਦਲ ਦੇ ਸਾਰੇ ਆਗੂ ਅਤੇ ਵਰਕਰ ਆਪਣੀ ਸਮਰੱਥਾ ਅਨੁਸਾਰ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਮਦਦ ਕਰਨ 'ਚ ਲੱਗੇ ਹੋਏ ਹਨ | ਡੇਰਾਬੱਸੀ ਹਲਕੇ 'ਚ ਚਲਾਈ ਜਾ ਰਹੀ ਮੁਹਿੰਮ ਤਹਿਤ ਸਾਬਕਾ ਵਿਧਾਇਕ ਸ਼ਰਮਾ ਵਲੋਂ ਅੱਜ ਪਿੰਡ ਖੇਲਣ, ਰਜ਼ਾਪੁਰ ਤੇ ਅੰਟਾਲਾ ਦਾ ਦੌਰਾ ਕੀਤਾ ਗਿਆ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਸਾਬਕਾ ਵਿਧਾਇਕ ਸ਼ਰਮਾ ਨੇ ਇਕ ਵਿਅਕਤੀ ਨੂੰ ਆਪਣੇ ਨਿੱਜੀ ਫ਼ੰਡ 'ਚੋਂ ਮਾਲੀ ਮਦਦ ਭੇਟ ਕੀਤੀ | ਇਸ ਵਿਅਕਤੀ ਦਾ ਪੁੱਤਰ ਕੈਂਸਰ ਤੋਂ ਪੀੜਤ ਹੈ | ਪਿੰਡ ਵਾਸੀਆਂ ਦੀ ਮੰਗ 'ਤੇ ਸਾਬਕਾ ਵਿਧਾਇਕ ਸ਼ਰਮਾ ਨੇ ਇਸ ਪਰਿਵਾਰ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ | ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਸ਼ਰਮਾ ਨੇ ਕਿਹਾ ਕਿ ਅੱਜ ਪੂਰਾ ਪੰਜਾਬ ਹੜ੍ਹਾਂ ਨਾਲ ਜੂਝ ਰਿਹਾ ਹੈ | ਸ਼੍ਰੋਮਣੀ ਅਕਾਲੀ ਦਲ ਸਮੇਤ ਕਈ ਸਮਾਜਿਕ ਸੰਗਠਨ ਪੀੜਤਾਂ ਦੀ ਮਦਦ ਕਰ ਰਹੇ ਹਨ, ਪਰ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਸਰਕਾਰ ਨੇ ਅਜੇ ਤੱਕ ਕੋਈ ਰਾਹਤ ਪੈਕੇਜ਼ ਦਾ ਐਲਾਨ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਆਪਣੀ ਕਮਜ਼ੋਰੀ ਨੂੰ ਛੁਪਾਉਣ ਲਈ ਕੇਂਦਰ ਸਰਕਾਰ 'ਤੇ ਦੋਸ਼ ਲਗਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਹੁਣ ਤੱਕ ਹੜ੍ਹ ਪੀੜਤਾਂ ਨੂੰ ਕਰੋੜਾਂ ਰੁ. ਦੇ ਦਿੱਤੇ ਹਨ ਅਤੇ ਇਹ ਸਹਾਇਤਾ ਆਉਣ ਵਾਲੇ ਦਿਨਾਂ 'ਚ ਵੀ ਜਾਰੀ ਰਹੇਗੀ |