ਐੱਸ. ਏ. ਐੱਸ. ਨਗਰ, 6 ਸਤੰਬਰ (ਪ੍ਰੋ. ਅਵਤਾਰ ਸਿੰਘ)-ਪਸ਼ੂ-ਪਾਲਣ, ਮੱਛੀ-ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਜਸੋਵਾਲ ਦੀ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਐਸ. ਸੀ. ਲਾਭਪਾਤਰੀਆਂ ਲਈ 2 ਹਫ਼ਤਿਆਂ ਦੇ ਮੁਫ਼ਤ ਡੇਅਰੀ ਸਿਖਲਾਈ ਕੋਰਸ ਦਾ ਦੂਜਾ ਬੈਚ 15 ਸਤੰਬਰ ਤੋਂ ਡੇਅਰੀ ਸਿਖਲਾਈ ਕੇਂਦਰ ਚਤਾਮਲੀ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਮੁਹਾਲੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਿਖਲਾਈ ਕੇਵਲ ਉਨ੍ਹਾਂ ਉਮੀਦਵਾਰਾਂ ਨੂੰ ਦਿੱਤੀ ਜਾਵੇਗੀ, ਜਿਨ੍ਹਾਂ ਦੀ ਉਮਰ 18 ਸਾਲ ਤੋਂ 50 ਸਾਲ ਦੇ ਦਰਮਿਆਨ ਹੋਵੇਗੀ ਅਤੇ ਉਹ ਘੱਟੋ ਘੱਟ ਪੰਜਵੀਂ ਪਾਸ ਹੋਣਗੇ ਅਤੇ ਅਨੁਸੂਚਿਤ ਜਾਤੀ ਨਾਲ ਸੰਬੰਧ ਰੱਖਦੇ ਹੋਣਗੇ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਹ ਸਿਖਲਾਈ ਮੁਫ਼ਤ ਕਰਵਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਸਿਖਿਆਰਥੀਆਂ ਨੂੰ ਸਿਖਲਾਈ ਉਪਰੰਤ 3500 ਰੁ. ਪ੍ਰਤੀ ਸਿਖਿਆਰਥੀ ਵਜ਼ੀਫ਼ਾ ਵੀ ਦਿੱਤਾ ਜਾਵੇਗਾ |