ਐੱਸ. ਏ. ਐੱਸ. ਨਗਰ, 6 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਕੌਮੀ ਇਨਸਾਫ਼ ਮੋਰਚੇ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਮੋਰਚੇ ਦੇ ਸਰਪ੍ਰਸਤ ਬਾਪੂ ਗੁਰਚਰਨ ਸਿੰਘ ਦੀ ਅਗਵਾਈ ਵਿਚ ਮੋਰਚਾ ਸਥਾਨ 'ਤੇ ਹੋਈ | ਮੀਟਿੰਗ ਦੀ ਕਾਰਵਾਈ ਸੰਬੰਧੀ ਜਾਣਕਾਰੀ ਦਿੰਦਿਆਂ ਮੋਰਚੇ ਦੇ ਬੁਲਾਰੇ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਦੱਸਿਆ ਕਿ ਇਸ ਮੌਕੇ ਪੰਜਾਬ ਦੀਆਂ ਕਿਸਾਨ, ਪੰਥਕ, ਸਮਾਜਿਕ, ਰਾਜਨੀਤਿਕ, ਧਾਰਮਿਕ ਤੇ ਦਲਿਤ ਜਥੇਬੰਦੀਆਂ ਸਮੇਤ ਪੰਜਾਬ ਦੇ ਸਾਰੇ ਧਰਮਾਂ ਨਾਲ ਸੰਬੰਧਤ ਸੁਹਿਰਦ ਜਥੇਬੰਦੀਆਂ ਦੀ 17 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਹੜ੍ਹਾਂ ਕਾਰਨ ਮੁਲਤਵੀ ਕਰ ਦਿੱਤੀ ਗਈ ਹੈ, ਜਦਕਿ 29 ਸਤੰਬਰ ਨੂੰ ਇਹ ਮੀਟਿੰਗ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋਵੇਗੀ | ਉਨ੍ਹਾਂ ਦੱਸਿਆ ਕਿ ਮੀਟਿੰਗ ਨੂੰ ਕਾਮਯਾਬ ਕਰਨ ਲਈ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ | ਮੀਟਿੰਗ ਵਿਚ ਸਰਬਸੰਮਤੀ ਨਾਲ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਏ ਜਾਣ ਵਾਲੇ ਕਿਸੇ ਵੀ ਪ੍ਰੋਗਰਾਮ ਵਿਚ ਸਾਂਝ ਨਾ ਪਾਉਣ ਦਾ ਫ਼ੈਸਲਾ ਕਰਦਿਆਂ ਪੰਜਾਬ ਦੇ ਸਮੁੱਚੇ ਲੋਕਾਂ ਨੂੰ ਇਕੱਠਾ ਕਰਕੇ 29 ਸਤੰਬਰ ਨੂੰ ਸ਼ਹਾਦਤ ਦਿਵਸ ਮਨਾਏ ਜਾਣ ਬਾਰੇ ਜਾਣੂ ਕਰਵਾਇਆ ਗਿਆ | ਇਸ ਮੌਕੇ ਬਲਜੀਤ ਸਿੰਘ ਭਾਊ, ਜਥੇ. ਬਲਬੀਰ ਸਿੰਘ ਬੈਰੋਂਪੁਰ, ਪਾਲ ਸਿੰਘ ਘੜੂੰਆਂ, ਰਸ਼ਪਾਲ ਸਿੰਘ, ਗੁਰਨਾਮ ਸਿੰਘ ਸਿੱਧੂ, ਰੇਸ਼ਮ ਸਿੰਘ ਖਰੜ, ਤਜਿੰਦਰ ਸਿੰਘ ਹਾਈ ਜੈਕਰ, ਗੁਰਜੰਟ ਸਿੰਘ ਪਟਿਆਲਾ, ਬੀਬੀ ਜਸਵੀਰ ਕੌਰ, ਅਵਤਾਰ ਸਿੰਘ, ਸ਼ਰਨਜੀਤ ਸਿੰਘ, ਬਹਾਦਰ ਸਿੰਘ, ਪਰਮਜੀਤ ਸਿੰਘ ਨਿਹੰਗ ਸਿੰਘ, ਮਨਜਿੰਦਰ ਸਿੰਘ, ਧਰਮ ਸਿੰਘ, ਜਸਵੰਤ ਸਿੰਘ ਤੇ ਬੀਬੀ ਹਰਜਿੰਦਰ ਕੌਰ ਸਮੇਤ ਸਮੁੱਚੇ ਕਮੇਟੀ ਮੈਂਬਰ ਹਾਜ਼ਰ ਸਨ |