ਚੰਡੀਗੜ੍ਹ, 22 ਸਤੰਬਰ (ਅਜੀਤ ਬਿਊਰੋ)-ਸੂਬੇ 'ਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਵਿੱਢੇ ਗਏ 'ਯੁੱਧ ਨਸ਼ਿਆਂ ਵਿਰੁੱਧ' ਦੇ 205ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 395 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ 'ਚ 59 ਐੱਫ.ਆਈ.ਆਰਜ਼. ਦਰਜ ਕਰਕੇ 81 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਨਾਲ 205 ਦਿਨਾਂ 'ਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30,540 ਹੋ ਗਈ ਹੈ | ਇਨ੍ਹਾਂ ਛਾਪੇਮਾਰੀ ਦੇ ਨਤੀਜੇ ਵਜੋਂ ਗਿ੍ਫ਼ਤਾਰ ਕੀਤੇ ਗਏ ਤਸਕਰਾਂ ਦੇ ਕਬਜ਼ੇ ਵਿੱਚੋਂ 922 ਗ੍ਰਾਮ ਹੈਰੋਇਨ, 4 ਕਿਲੋ ਭੁੱਕੀ, 336 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 980 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਇਸ ਆਪ੍ਰੇਸ਼ਨ ਦੌਰਾਨ 74 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 395 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ | ਉਨ੍ਹਾਂ ਨੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 384 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ | ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ 'ਚੋਂ ਨਸ਼ਿਆਂ ਦੇ ਖ਼ਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈ.ਡੀ.ਪੀ)-ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 24 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ |