ਚੰਡੀਗੜ੍ਹ, 24 ਸਤੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਜ਼ਬੂਤ ਖ਼ਰੀਦ ਪ੍ਰਣਾਲੀ ਦੀ ਕੇਰਲ ਦੇ ਖ਼ੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਤੇ ਲੀਗਲ ਮੈਟਰੋਲੋਜੀ ਮੰਤਰੀ ਜੀ. ਆਰ. ਅਨਿਲ ਨੇ ਭਰਪੂਰ ਪ੍ਰਸ਼ੰਸਾ ਕੀਤੀ | ਅਨਿਲ ਨੂੰ ਖ਼ਰੀਦ ਪ੍ਰਕਿਰਿਆ ਤੇ ਇਸਦੀ ਮਜ਼ਬੂਤੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਕੀਤੇ ਗਏ ਉਪਾਵਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ | ਅਨਾਜ ਭਵਨ ਵਿਖੇ ਪਹੁੰਚੇ ਲੋਕਾਂ ਨੂੰ ਖ਼ਰੀਦ ਪ੍ਰਕਿਰਿਆ ਬਾਰੇ ਜਾਣੂ ਕਰਵਾਉਂਦੇ ਹੋਏ, ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਦੇਸ਼ ਦਾ ਸਿਰਫ਼ 1.5 ਫੀਸਦ ਹੈ, ਪਰ ਇਸ ਦੇ ਬਾਵਜੂਦ ਪੰਜਾਬ ਕੇਂਦਰੀ ਪੂਲ ਵਿਚ ਕਣਕ ਦਾ ਲਗਭਗ 40-45 ਫੀਸਦ ਅਤੇ ਝੋਨਾ 20-25 ਫ਼ੀਸਦੀ ਯੋਗਦਾਨ ਪਾਉਂਦਾ ਹੈ | ਹੋਰ ਜਾਣਕਾਰੀ ਦਿੰਦੇ ਹੋਏ, ਕਟਾਰੂਚੱਕ ਨੇ ਕਿਹਾ ਕਿ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਅਨਾਜ ਖ਼ਰੀਦ ਪੋਰਟਲ 'ਤੇ 8 ਲੱਖ ਤੋਂ ਵੱਧ ਕਿਸਾਨ, 25000 ਆੜ੍ਹਤੀਏ, 5000 ਮਿੱਲਰ ਅਤੇ 500 ਲੇਬਰ ਅਤੇ ਟਰਾਂਸਪੋਰਟ ਠੇਕੇਦਾਰ ਰਜਿਸਟਰਡ ਹਨ | ਉਨ੍ਹਾਂ ਨੇ ਕਿਹਾ ਕਿ ਇਸ ਤੋਂ ਇਲਾਵਾ ਪੋਰਟਲ 'ਤੇ ਜੇ-ਫਾਰਮ ਮੰਡੀਆਂ 'ਚ ਲਿਆਂਦੀ ਗਈ ਫਸਲ ਦੇ ਨਾਂਅ, ਵੇਰਵੇ, ਮਾਤਰਾ, ਜ਼ਮੀਨ ਦੇ ਵੇਰਵਿਆਂ ਦੇ ਨਾਲ-ਨਾਲ ਫ਼ਸਲ ਦੀ ਬਿਜਾਈ ਸਬੰਧੀ ਵੇਰਵੇ ਵੀ ਉਪਲਬਧ ਹਨ | ਖ਼ਰੀਦ ਪ੍ਰਣਾਲੀ ਦੀਆਂ ਹੋਰ ਵਿਸ਼ੇਸ਼ਤਾਵਾਂ ਵੱਲ ਧਿਆਨ ਦਿਵਾਉਂਦਿਆਂ ਕਟਾਰੂਚੱਕ ਨੇ ਦੱਸਿਆ ਕਿ ਕਿਸਾਨ ਦੀ ਫ਼ਸਲ ਖਰੀਦਣ ਦੇ 72 ਘੰਟਿਆਂ ਦੇ ਅੰਦਰ ਇਸ ਦੀ ਚੁਕਾਈ ਤੇ ਕਿਸਾਨਾਂ ਨੂੰ 48 ਘੰਟਿਆਂ ਵਿੱਚ ਉਨ੍ਹਾਂ ਦੇ ਬੈਂਕ ਖਾਤੇ ਵਿਚ ਅਦਾਇਗੀ ਨੂੰ ਯਕੀਨੀ ਬਣਾਇਆ ਜਾਂਦਾ ਹੈ | | ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ 14000 ਤੋਂ ਵੱਧ ਡੀਪੂ (ਐੱਫ. ਪੀ. ਐੱਸ.) ਹਨ ਜਿੱਥੇ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ, 2013 ਤਹਿਤ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਨਤਕ ਵੰਡ ਪ੍ਰਣਾਲੀ ਅਧੀਨ ਲੋੜਵੰਦ ਲਾਭਪਾਤਰੀਆਂ ਨੂੰ ਮੁਫ਼ਤ ਕਣਕ ਵੰਡੀ ਜਾਂਦੀ ਹੈ | ਕਟਾਰੂਚੱਕ ਨੇ ਦੱਸਿਆ ਕਿ ਇਸ ਤੋਂ ਇਲਾਵਾ ਕਿਸਾਨਾਂ ਦੀਆਂ ਫ਼ਸਲਾਂ ਦੀ ਖ਼ਰੀਦ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ), ਜੋ ਕਿ ਮੌਜੂਦਾ ਝੋਨੇ ਦੇ ਸੀਜ਼ਨ ਵਿਚ 2389 ਰੁਪਏ ਪ੍ਰਤੀ ਕੁਇੰਟਲ ਹੈ, 'ਤੇ ਯਕੀਨੀ ਬਣਾਈ ਜਾਂਦੀ ਹੈ | ਜੀ.ਆਰ. ਅਨਿਲ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦੇ ਅੰਨ ਭੰਡਾਰ ਵਜੋਂ ਜਾਣਿਆ ਜਾਂਦਾ ਹੈ ਤੇ ਉਹਨਾਂ ਨੇ ਸੂਬੇ ਵਿਚ ਆਏ ਭਾਰੀ ਹੜ੍ਹਾਂ ਦੇ ਬਾਵਜੂਦ ਲੋਕਾਂ ਦੀ ਚੜ੍ਹਦੀ ਕਲਾ ਦੀ ਭਾਵਨਾ ਦੀ ਪ੍ਰਸ਼ੰਸਾ ਕੀਤੀ | ਇਸ ਮੌਕੇ ਮੰਤਰੀ ਕਟਾਰੂਚੱਕ ਦੁਆਰਾ ਕੇਰਲ ਦੇ ਮੰਤਰੀ ਨੂੰ ਸਨਮਾਨਿਤ ਵੀ ਕੀਤਾ ਗਿਆ, ਜਿੱਥੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਪੰਜਾਬ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਤੇ ਅਜੈਵੀਰ ਸਿੰਘ ਸਰਾਓ ਅਤੇ ਜੀ. ਐੱਮ ਵਿੱਤ ਸਰਵੇਸ਼ ਕੁਮਾਰ ਮੌਜੂਦ ਸਨ |