ਚੰਡੀਗੜ੍ਹ, 24 ਸਤੰਬਰ (ਅਜੀਤ ਬਿਊਰੋ)-ਸੂਬੇ 'ਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਵਿੱਢੇ ਗਏ 'ਯੁੱਧ ਨਸ਼ਿਆਂ ਵਿਰੁੱਧ' ਦੇ 207ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 299 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ 'ਚ 54 ਐੱਫ.ਆਈ.ਆਰਜ਼. ਦਰਜ ਕਰਕੇ 52 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਨਾਲ 207 ਦਿਨਾਂ 'ਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30,771 ਹੋ ਗਈ ਹੈ | ਇਨ੍ਹਾਂ ਛਾਪਿਆਂ ਦੇ ਨਤੀਜੇ ਵਜੋਂ ਗਿ੍ਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 321 ਗ੍ਰਾਮ ਹੈਰੋਇਨ, 13 ਕਿਲੋ ਭੁੱਕੀ, 320 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 73100 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸ ਆਪ੍ਰੇਸ਼ਨ ਦੌਰਾਨ 36 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿਚ 299 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ | ਉਨ੍ਹਾਂ ਨੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 321 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ | ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ 'ਚੋਂ ਨਸ਼ਿਆਂ ਦੇ ਖ਼ਾਤਮੇ ਲਈ ਤਿੰਨ-ਪੱਖੀ ਰਣਨੀਤੀ-ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈ.ਡੀ.ਪੀ)- ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 34 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ |