ਖਰੜ, 26 ਸਤੰਬਰ (ਤਰਸੇਮ ਸਿੰਘ ਜੰਡਪੁਰੀ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਵਲੋਂ ਖਰੜ ਦੀ ਅਨਾਜ਼ ਮੰਡੀ ਦਾ ਦੌਰਾ ਕੀਤਾ ਗਿਆ | ਇਸ ਮੌਕੇ ਜਿਥੇ ਉਨ੍ਹਾਂ ਮੰਡੀ 'ਚ ਝੋਨਾ ਲੈ ਕੇ ਆਏ ਕਿਸਾਨਾਂ ਨਾਲ ਗੱਲਬਾਤ ਕੀਤੀ, ਉਥੇ ਹੀ ਆੜ੍ਹਤੀਆਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਸ਼ਰਮਾ ਅਤੇ ਰਜਿੰਦਰ ਕੁਮਾਰ ਨੇ ਲੋਕ ਸਭਾ ਮੈਂਬਰ ਕੰਗ ਨੂੰ ਜਾਣੂ ਕਰਵਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਬਾਰਦਾਨਾ ਨਹੀਂ ਮਿਲ ਰਹੀ | ਇਸ ਤੋਂ ਇਲਾਵਾ ਜੋ ਝੋਨਾ ਖ਼ਰੀਦਿਆ ਜਾ ਚੁੱਕਾ ਹੈ, ਉਸ ਦੀ ਲਿਫ਼ਟਿੰਗ ਵੀ ਨਹੀਂ ਹੋ ਰਹੀ | ਇਸ ਮੌਕੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕ ਪਿਛਲੇ ਸਾਲ ਕੇਂਦਰ ਸਰਕਾਰ ਦੇ ਮਾੜੇ ਰਵੱਈਏ ਕਾਰਨ ਕਿਸਾਨ ਤੇ ਆੜ੍ਹਤੀ ਖੱਜਲ੍ਹ-ਖੁਆਰ ਹੋ ਸਨ, ਪਰ ਇਸ ਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਕਿ ਮੰਡੀਆਂ 'ਚ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਨਹੀਂ ਆਉਣੀ ਚਾਹੀਦੀ | ਉਨ੍ਹਾਂ ਕਿਹਾ ਆੜ੍ਹਤੀਆਂ ਤੇ ਕਿਸਾਨਾਂ ਦੀਆਂ ਸਮੱਸਿਆ ਨੂੰ ਲੈ ਕੇ ਹੀ ਅੱਜ ਉਨ੍ਹਾਂ ਵਲੋਂ ਮੰਡੀ ਦਾ ਦੌਰਾ ਕੀਤਾ ਗਿਆ ਹੈ | ਇਸੇ ਦੌਰਾਨ ਲਿਫ਼ਟਿੰਗ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ 'ਚ ਲੋਕ ਸਭਾ ਮੈਂਬਰ ਕੰਗ ਨੇ ਕਿਹਾ ਕਿ ਅੱਜ ਅਧਿਕਾਰੀਆਂ ਨਾਲ ਇਸ ਬਾਬਤ ਗੱਲਬਾਤ ਕਰਕੇ ਇਹ ਯਕੀਨੀ ਬਣਾਇਆ ਗਿਆ ਕਿ ਮੰਡੀਆਂ 'ਚ ਲਿਫ਼ਟਿੰਗ ਅਤੇ ਬਰਦਾਨੇ ਸੰਬੰਧੀ ਕੋਈ ਸਮੱਸਿਆ ਪੇਸ਼ ਨਾ ਆਵੇ | ਉਨ੍ਹਾਂ ਕਿਹਾ ਕਿ ਸੰਬੰਧਤ ਅਧਿਕਾਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਭਵਿੱਖ 'ਚ ਮੰਡੀਆਂ 'ਚ ਕਿਸਾਨਾਂ ਤੇ ਆੜ੍ਹਤੀਆਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਪਿੰਡ ਝੰਜੇੜੀ ਵਿਖੇ ਨਵੀਂ ਬਣਨ ਵਾਲੀ ਅਨਾਜ਼ ਮੰਡੀ ਸੰਬੰਧੀ ਪੁੱਛੇ ਗਏ ਸਵਾਲ ਦੇ ਜਵਾਬ 'ਚ ਕੰਗ ਨੇ ਕਿਹਾ ਕਿ ਇਸ ਸੰਬੰਧੀ ਸਰਕਾਰ ਨੂੰ ਪ੍ਰਪੋਜ਼ਲ ਬਣਾ ਕੇ ਭੇਜੀ ਗਈ ਹੈ ਅਤੇ ਜਲਦ ਹੀ ਇਹ ਮੰਡੀ ਵੀ ਸ਼ੁਰੂ ਕਰਵਾ ਦਿੱਤੀ ਜਾਵੇਗੀ | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਾਕਮ ਸਿੰਘ ਵਾਲੀਆ, ਜਤਿੰਦਰ ਰਾਣਾ ਚੋਲਟਾ, ਹਾਕਮ ਸਿੰਘ, ਅਮਨਦੀਪ ਸਿੰਘ, ਸੁਰਮੁੱਖ ਸਿੰਘ ਕੌਂਸਲਰ, ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਸਪਾਲ ਸਿੰਘ ਨਿਆਮੀਆਂ, ਜਗਦੀਸ਼ ਸਿੰਘ ਅਤੇ ਮਾਰਕੀਟ ਕਮੇਟੀ ਦੇ ਸੈਕਟਰੀ ਗੁਰਨਾਮ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |