ਐੱਸ. ਏ. ਐੱਸ. ਨਗਰ, 26 ਸਤੰਬਰ (ਪ੍ਰੋ. ਅਵਤਾਰ ਸਿੰਘ)-ਏ. ਡੀ. ਸੀ. (ਪੇਂਡੂ ਵਿਕਾਸ) ਸੋਨਮ ਚੌਧਰੀ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਤੋਂ ਪਰਾਲੀ ਸਾੜਨ ਤੋਂ ਰੋਕਣ ਲਈ ਜਾਗਰੂਕਤਾ ਫੈਲਾਉਣ ਵਾਲੀਆਂ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਹ 40 ਦਿਨਾਂ ਦੀ ਮੁਹਿੰਮ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ 'ਚ ਅਹਿਮ ਭੂਮਿਕਾ ਨਿਭਾਏਗੀ | ਉਨ੍ਹਾਂ ਕਿਹਾ ਕਿ ਆਧੁਨਿਕ ਉਪਕਰਨਾਂ ਨਾਲ ਪ੍ਰਬੰਧਨ ਕਰਨ 'ਤੇ ਫ਼ਸਲਾਂ ਦੀ ਰਹਿੰਦ-ਖੂੰਹਦ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਕਾਫ਼ੀ ਹੱਦ ਤੱਕ ਸੁਧਾਰ ਸਕਦੀ ਹੈ | ਉਨ੍ਹਾਂ ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸਹਿਕਾਰੀ ਸਭਾਵਾਂ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਹੋਰ ਸੰਬੰਧਤ ਏਜੰਸੀਆਂ ਨੂੰ ਮੀਟਿੰਗਾਂ, ਸੈਮੀਨਾਰਾਂ ਅਤੇ ਜਨਤਕ ਇਕੱਤਰਤਾ ਰਾਹੀਂ ਪਿੰਡਾਂ 'ਚ ਜਾਗਰੂਕਤਾ ਯਤਨਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਰਾਲੀ ਸਾੜਨ ਦੇ ਰੁਝਾਨ ਨੂੰ ਖ਼ਤਮ ਕਰਨ ਲਈ ਸਮੂਹਿਕ ਯਤਨ ਬਹੁਤ ਜ਼ਰੂਰੀ ਹਨ ਅਤੇ ਕਿਸਾਨਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਅਤੇ ਮਿੱਟੀ ਦੀ ਸਿਹਤ ਦੋਵਾਂ ਦੀ ਰੱਖਿਆ ਲਈ ਵਾਤਾਵਰਨ-ਅਨੁਕੂਲ ਅਭਿਆਸਾਂ ਨੂੰ ਅਪਨਾਉਣਾ ਚਾਹੀਦਾ ਹੈ | ਇਸ ਮੌਕੇ ਡਾ. ਗੁਰਦਿਆਲ ਕੁਮਾਰ ਖੇਤੀਬਾੜੀ ਵਿਕਾਸ ਅਫ਼ਸਰ, ਲਖਵਿੰਦਰ ਸਿੰਘ ਜੂਨੀਅਰ ਟੈਕਨੀਸ਼ੀਅਨ ਅਤੇ ਕਮਲਦੀਪ ਸਿੰਘ ਤੇ ਹੋਰ ਹਾਜ਼ਰ ਸਨ |