ਐੱਸ. ਏ. ਐੱਸ. ਨਗਰ, 27 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਕੇਂਦਰ ਦੀ ਮੋਦੀ ਸਰਕਾਰ ਨੇ ਜੀ. ਐੱਸ. ਟੀ.-2 ਲਾਗੂ ਕੀਤਾ ਹੈ ਤਾਂ ਜੋ ਲਾਈਨ ਵਿਚ ਲੱਗੇ ਹਰ ਆਖ਼ਰੀ ਵਿਅਕਤੀ ਨੂੰ ਵੀ ਲਾਭ ਮਿਲ ਸਕੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁਹਾਲੀ ਵਿਖੇ ਸੱਦੇ ਗਏ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਰਾਸ਼ਟਰੀ ਸੰਸਦੀ ਬੋਰਡ ਦੇ ਮੈਂਬਰ ਤੇ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਨਵੀਂ ਪੀੜ੍ਹੀ ਦਾ ਜੀ. ਐੱਸ. ਟੀ. ਲਾਗੂ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਨਵਰਾਤਰੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਭਾਰਤੀਆਂ ਨੂੰ ਮਹਿੰਗਾਈ ਤੋਂ ਰਾਹਤ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਭ ਤੋਂ ਵੱਡੀ ਰਾਹਤ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ 'ਤੇ ਟੈਕਸਾਂ ਵਿਚ ਕਟੌਤੀ ਦੇ ਰੂਪ 'ਚ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਡੇਅਰੀ ਉਤਪਾਦਾਂ ਦੇ ਸੰਬੰਧ ਵਿਚ ਦੁੱਧ, ਘਿਓ, ਮੱਖਣ ਤੇ ਪਨੀਰ 'ਤੇ 12 ਫ਼ੀਸਦੀ ਦੀ ਥਾਂ ਹੁਣ 5 ਫ਼ੀਸਦੀ ਟੈਕਸ ਕਰ ਦਿੱਤਾ ਗਿਆ ਹੈ, ਜਦਕਿ ਉਸਾਰੀ ਸਮੱਗਰੀ 'ਤੇ 28 ਫ਼ੀਸਦੀ ਦੀ ਥਾਂ 18 ਫ਼ੀਸਦੀ ਟੈਕਸ ਕਰ ਦਿੱਤਾ ਗਿਆ ਹੈ | ਇਸੇ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਕਾਫ਼ੀ ਵਿਗੜਨ ਕਾਰਨ ਉਦਯੋਗਪਤੀ ਆਪਣੇ ਉਦਯੋਗਾਂ ਨੂੰ ਪੰਜਾਬ ਤੋਂ ਬਾਹਰ ਲਿਜਾ ਰਹੇ ਹਨ ਤੇ ਪੰਜਾਬ ਸਰਕਾਰ ਕਾਰੋਬਾਰੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਵਿਚ ਪੂਰੀ ਤਰ੍ਹਾਂ ਅਸਫ਼ਲ ਸਾਬਿਤ ਹੋਈ ਹੈ | ਇਸ ਮੌਕੇ ਸੀਨੀਅਰ ਭਾਜਪਾ ਆਗੂ ਸੰਜੀਵ ਖੰਨਾ, ਕਮਲਜੀਤ ਸੈਣੀ ਤੇ ਚੰਦਰ ਸ਼ੇਖਰ ਆਦਿ ਹਾਜ਼ਰ ਸਨ |