ਚੰਡੀਗੜ੍ਹ, 27 ਸਤੰਬਰ (ਅਜੀਤ ਬਿਊਰੋ)-ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸੀਵਰਮੈਨ ਅਤੇ ਸਫ਼ਾਈ ਸੇਵਕਾਂ ਦੀ ਨਵੀਂ ਕੀਤੀ ਜਾਣ ਵਾਲੀ ਕੋਈ ਵੀ ਭਰਤੀ ਰੈਗੂਲਰ ਆਧਾਰ 'ਤੇ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਇੰਨ੍ਹਾਂ ਕਰਮਚਾਰੀਆਂ ਨੂੰ ਕਈ ਗੰਭੀਰ ਸਮੱਸਿਆਵਾਂ ਨਾਲ ਜੂਝਣਾ ਪੈਂਦਾ ਹੈ ਅਤੇ ਇੰਨ੍ਹਾਂ 'ਚੋਂ ਜ਼ਿਆਦਾਤਰ ਕੋਲ ਰੋਜ਼ਗਾਰ ਦੇ ਹੋਰ ਬਦਲ ਵੀ ਬਹੁਤ ਘੱਟ ਹੁੰਦੇ ਹਨ | ਅੱਜ ਇਥੇ ਸਥਾਨਕ ਸਰਕਾਰਾਂ ਵਿਭਾਗ ਦੀਆਂ ਮੁਲਾਜ਼ਮ ਜਥੇਬੰਦੀਆਂ ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਅਤੇ ਪੰਜਾਬ ਨਗਰ ਪਾਲਿਕਾ ਕਰਮਚਾਰੀ ਸੰਗਠਨ ਨਾਲ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਨਿਰਦੇਸ਼ ਦਿੱਤੇ | ਇਨ੍ਹਾਂ ਉੱਚ ਪੱਧਰੀ ਮੀਟਿੰਗਾਂ, ਜਿਸ 'ਚ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਰਵਜੋਤ, ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਡਾਇਰੈਕਟਰ ਕੁਲਵੰਤ ਸਿੰਘ, ਪੀ.ਐਮ.ਆਈ.ਡੀ.ਸੀ ਦੇ ਸੀ.ਈ.ਓ ਦੀਪਤੀ ਉੱਪਲ, ਵਿਸ਼ੇਸ਼ ਸਕੱਤਰ ਵਿੱਤ ਅਜੇ ਅਰੋੜਾ ਅਤੇ ਵਧੀਕ ਸਕੱਤਰ ਪ੍ਰਸੋਨਲ ਗੌਤਮ ਜੈਨ ਮੌਜੂਦ ਸਨ, ਦੌਰਾਨ ਵਿੱਤ ਮੰਤਰੀ ਨੇ ਦੋਵਾਂ ਜਥੇਬੰਦੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਵਿਸਥਾਰ ਵਿਚ ਚਰਚਾ ਕੀਤੀ | ਇਨ੍ਹਾਂ ਮੁਲਾਜ਼ਮ ਜਥੇਬੰਦੀਆਂ ਨਾਲ ਚਰਚਾ ਦੇ ਆਧਾਰ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਇਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਪ੍ਰੇਸ਼ਾਨੀਆਂ ਨੂੰ ਹੱਲ ਕਰਨ ਲਈ ਰਿਪੋਰਟ ਬਣਾ ਕੇ ਕੈਬਨਿਟ ਸਬ-ਕਮੇਟੀ ਅੱਗੇ ਪੇਸ਼ ਕਰੇ ਤਾਂ ਜੋ ਇੰਨ੍ਹਾਂ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਇਸ ਰਿਪੋਰਟ 'ਚ ਉਨ੍ਹਾਂ ਬਿਮਾਰੀਆਂ ਅਤੇ ਸਿਹਤ ਸਬੰਧੀ ਚੁਣੌਤੀਆਂ ਦਾ ਖਾਸ ਤੌਰ 'ਤੇ ਜ਼ਿਕਰ ਕੀਤਾ ਜਾਵੇ ਜਿੰਨਾ ਦਾ ਸੀਵਰਮੈਨ ਨੂੰ ਸਾਹਮਣਾ ਕਰਨਾ ਪੈਂਦਾ ਹੈ | ਇਨ੍ਹਾਂ ਮੀਟਿੰਗਾਂ 'ਚ ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਸੂਬਾ ਚੇਅਰਮੈਨ ਚੰਦਨ ਗਰੇਵਾਲ, ਪ੍ਰਧਾਨ ਵਿਨੋਦ ਕੁਮਾਰ ਬਿੱਟਾ, ਵਾਈਸ ਚੇਅਰਮੈਨ ਸੁਰਿੰਦਰ ਟੋਨਾ, ਸੂਬਾ ਜਨਰਲ ਸਕੱਤਰ ਪਵਲ ਗੋਡਿਆਲ ਅਤੇ ਸਕੱਤਰ ਸੰਨੀ ਸਹੋਤਾ, ਅਤੇ ਪੰਜਾਬ ਨਗਰਪਾਲਿਕਾ ਕਰਮਚਾਰੀ ਸੰਗਠਨ ਤੋਂ ਜਨਰਲ ਸਕੱਤਰ ਕੁਲਵੰਤ ਸਿੰਘ ਸੈਣੀ, ਸੀਨੀਅਰ ਮੀਤ ਪ੍ਰਧਾਨ ਗੋਪਾਲ ਥਾਪਰ, ਸੋਮਨਾਥ ਆਦਿਆ, ਲਲਿਤ ਕੁਮਾਰ, ਸਰਵਣ ਸਿੰਘ, ਕੌਸ਼ਲ ਕੁਮਾਰ ਅਤੇ ਬੂਟਾ ਰਾਮ ਨੇ ਮੀਟਿੰਗ ਦੌਰਾਨ ਆਪਣਾ ਪੱਖ ਪੇਸ਼ ਕੀਤਾ |