ਚੰਡੀਗੜ, 27 ਸਤੰਬਰ (ਅਜੀਤ ਬਿਊਰੋ)-ਸੂਬੇ 'ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰੇਦਸ਼ਾਂ 'ਤੇ ਵਿੱਢੇ ਗਏ 'ਯੁੱਧ ਨਸ਼ਿਆਂ ਵਿਰੁੱਧ' ਦੇ 210ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 332 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ 'ਚ 53 ਐਫ.ਆਈ.ਆਰਜ਼ ਦਰਜ ਕਰਕੇ 66 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਨਾਲ 210 ਦਿਨਾਂ 'ਚ ਗਿ੍ਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 31,145 ਹੋ ਗਈ ਹੈ | ਇਨ੍ਹਾਂ ਛਾਪਿਆਂ ਦੇ ਨਤੀਜੇ ਵਜੋਂ ਗਿ੍ਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 431 ਗ੍ਰਾਮ ਹੈਰੋਇਨ, 1608 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 42,250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸ ਆਪ੍ਰੇਸ਼ਨ ਦੌਰਾਨ 66 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 332 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ | ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਵੱਲੋਂ 369 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਗਈ | ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ 'ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ-ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈ.ਡੀ.ਪੀ)-ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 27 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ |