ਐੱਸ. ਏ. ਐੱਸ. ਨਗਰ, 18 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼-7 ਸਥਿਤ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ਸਕੂਲ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਪਟਾਕਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਤੇ ਗਰੀਨ ਦੀਵਾਲੀ ਮਨਾਉਣ ਲਈ ਉਤਸ਼ਾਹਿਤ ਕਰਨ ਲਈ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰਾਥਨਾ ਸਭਾ ਕਰਵਾਈ ਗਈ | ਇਸ ਮੌਕੇ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ ਪਟਾਕਿਆਂ ਤੋਂ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਸੰਦੇਸ਼ ਦੇਣ ਵਾਲਾ ਇਕ ਨਾਟਕ ਪੇਸ਼ ਕੀਤਾ | ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਪਟਾਕੇ ਰਹਿਤ ਹਰੀ ਦੀਵਾਲੀ ਮਨਾਉਣ ਅਤੇ ਵਾਤਾਵਰਨ ਨੂੰ ਬਚਾਉਣਾ ਦਾ ਹੋਕਾ ਦਿੰਦਿਆਂ ਜਾਗਰੂਕਤਾ ਰੈਲੀ ਵੀ ਕੱਢੀ ਗਈ | ਅੰਤ 'ਚ ਸਕੂਲ ਦੇ ਡਾਇਰੈਕਟਰ ਪਵਨਦੀਪ ਕੌਰ ਗਿੱਲ ਤੇ ਪਿ੍ੰ. ਇੰਦਰਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਦੇ ਇਨ੍ਹਾਂ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਸਾਰਿਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ |