ਖਰੜ, 31 ਅਕਤੂਬਰ (ਜੰਡਪੁਰੀ)-ਪਿੰਡ ਭਾਗੋਮਾਜਰਾ ਦੇ ਵਸਨੀਕ ਗੁਰਵਿੰਦਰ ਸਿੰਘ ਖਹਿਰਾ ਨੂੰ ਹਿੰਦੁਸਤਾਨੀ ਆਵਾਮ ਮੋਰਚੇ ਨੇ ਸੂਬੇ ਪ੍ਰਧਾਨ ਨਿਯੁਕਤ ਕੀਤਾ ਹੈ | ਇਸ ਨਿਯੁਕਤੀ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਖਹਿਰਾ ਨੇ ਦੱਸਿਆ ਕਿ ਉਹ ਹਿੰਦੁਸਤਾਨ ਦੀ ਸਿਆਸਤ 'ਚ ਵੱਖਰੀ ਪਛਾਣ ਰੱਖਣ ਵਾਲੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਜੀਤ ਰਾਮ ਮਾਂਝੀ ਦੇ ਵਿਚਾਰਾਂ ਤੋਂ ਪ੍ਰਭਾਵਿਤ ਹੋ ਕੇ ਹੀ ਉਨ੍ਹਾਂ ਦੀ ਪਾਰਟੀ 'ਚ ਸ਼ਾਮਿਲ ਹੋਏ ਹਨ ਅਤੇ ਜੀਤ ਰਾਮ ਮਾਂਝੀ ਨੇ ਹੀ ਉਨ੍ਹਾਂ ਨੂੰ ਪੰਜਾਬ ਦੀ ਜ਼ਿੰਮੇਵਾਰੀ ਸੌਂਪੀ ਹੈ | ਉਨ੍ਹਾਂ ਕਿਹਾ ਕਿ ਕਿ ਪਾਰਟੀ ਵਲੋਂ ਸੌਂਪੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਉਹ ਪੰਜਾਬ ਦੇ ਮੁੱਖ ਮੁੱਦਿਆਂ ਜਿਵੇਂ ਕਿਸਾਨਾਂ, ਮਜ਼ਦੂਰਾਂ ਤੇ ਗ਼ਰੀਬ ਪਰਿਵਾਰਾਂ ਦੀਆਂ ਸਮੱਸਿਆਵਾਂ, ਨੌਜਵਾਨਾਂ 'ਚ ਵੱਧ ਰਹੀ ਵਿਦੇਸ਼ ਜਾਣ ਦੀ ਲਾਲਸਾ, ਬੇਰੁਜ਼ਗਾਰੀ ਅਤੇ ਨਸ਼ਿਆਂ ਆਦਿ ਦੇ ਸੰਬੰਧ 'ਚ ਸੂਬੇ ਦਾ ਦੌਰਾ ਕਰਨਗੇ ਅਤੇ ਪਾਰਟੀ ਇਨ੍ਹਾਂ ਮਸਲਿਆਂ ਨੂੰ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਹੱਲ ਕਰਵਾਉਣ ਲਈ ਹਰ ਸੰਭਵ ਉਪਰਾਲਾ ਕਰੇਗੀ | ਉਨ੍ਹਾਂ ਕਿਹਾ ਕਿ ਉਹ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਸੇਵਾ ਕਰਨ ਲਈ ਹੀ ਇਸ ਪਾਰਟੀ 'ਚ ਸ਼ਾਮਿਲ ਹੋਏ ਹਨ | 31 ਐਮਓਐਚ 05