ਚੰਡੀਗੜ੍ਹ, 1 ਨਵੰਬਰ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਇਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਪਿਛਲੇ 3.5 ਸਾਲਾਂ 'ਚ ਨੌਜਵਾਨਾਂ ਨੂੰ 56856 ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇਕ ਨਵਾਂ ਰਿਕਾਰਡ ਬਣਾਇਆ ਹੈ, ਜਿਸ ਨਾਲ ਪ੍ਰਤਿਭਾ ਪਲਾਇਨ ਦੇ ਰੁਝਾਨ ਨੂੰ ਪੁੱਠਾ ਗੇੜ ਪੈ ਗਿਆ ਹੈ | ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ਵਿਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਨੌਕਰੀਆਂ ਨੌਜਵਾਨਾਂ ਦੀ ਤਕਦੀਰ ਬਦਲਣ 'ਚ ਅਹਿਮ ਭੂਮਿਕਾ ਨਿਭਾਉਣਗੀਆਂ | ਉਨ੍ਹਾਂ ਕਿਹਾ ਕਿ ਇਹ ਥਾਂ ਅਜਿਹੇ ਕਈ ਸਮਾਗਮਾਂ ਦੀ ਗਵਾਹ ਬਣੀ ਹੈ, ਜਿਨ੍ਹਾਂ 'ਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਨੌਕਰੀਆਂ ਮਿਲੀਆਂ ਹਨ | ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦੀ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬਾ ਸਰਕਾਰ ਦੇ ਕਾਰਜਕਾਲ ਦੌਰਾਨ ਕੁੱਝ ਨੌਜਵਾਨਾਂ ਨੂੰ ਤਾਂ ਦੋ ਜਾਂ ਤਿੰਨ ਨੌਕਰੀਆਂ ਵੀ ਮਿਲੀਆਂ ਹਨ | ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਕਮਾਨ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਉਨ੍ਹਾਂ ਨੇ ਇਹ ਯਕੀਨੀ ਬਣਾਇਆ ਹੈ ਕਿ ਯੋਗ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਜਿਸ ਦੇ ਚੱਲਦਿਆਂ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲ ਚੁੱਕੀਆਂ ਹਨ | ਉਨ੍ਹਾਂ ਕਿਹਾ ਕਿ ਅੱਜ 858 ਨੌਜਵਾਨ ਪੰਜਾਬ ਸਰਕਾਰ ਦੇ ਪਰਿਵਾਰ 'ਚ ਸ਼ਾਮਲ ਹੋਏ ਹਨ ਅਤੇ ਹੁਣ ਉਹ ਸੂਬੇ ਦੀ ਸਮਾਜਿਕ ਅਤੇ ਆਰਥਿਕ ਤਰੱਕੀ 'ਚ ਸਰਗਰਮ ਭਾਈਵਾਲ ਬਣਨਗੇ | ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਦੇ ਨੌਜਵਾਨਾਂ 'ਤੇ ਕੋਈ ਅਹਿਸਾਨ ਨਹੀਂ ਹੈ, ਬਲਕਿ ਉਹ ਆਪਣੀ ਯੋਗਤਾ ਨਾਲ ਇਨ੍ਹਾਂ ਨੌਕਰੀਆਂ ਦੇ ਹੱਕਦਾਰ ਬਣੇ ਹਨ | ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਹੋਰ ਵੀ ਮੌਜੂਦ ਸਨ |