ਮਾਜਰੀ, 2 ਨਵੰਬਰ (ਕੁਲਵੰਤ ਸਿੰਘ ਧੀਮਾਨ)-ਪੰਜਾਬ ਸਰਕਾਰ ਨੇ ਪਿਛਲੇ ਦਿਨੀਂ ਜ਼ਮੀਨ ਦੇ ਕੁਲੈਕਟਰ ਰੇਟਾਂ 'ਚ ਵਾਧਾ ਕਰਕੇ ਪੰਜਾਬ ਦੇ ਲੋਕਾਂ 'ਤੇ ਭਾਰੀ ਵਿੱਤੀ ਬੋਝ ਪਾ ਦਿੱਤਾ ਹੈ, ਜਿਸ ਕਰਕੇ ਲੋਕਾਂ 'ਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਕਰਦਿਆਂ ਕਾਂਗਰਸ ਦੇ ਹਲਕਾ ਖਰੜ ਤੋਂ ਇੰਚਾਰਜ ਵਿਜੇ ਸ਼ਰਮਾ ਟਿੰਕੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਲੋਕਾਂ ਗੁੰਮਰਾਹ ਕਰ ਰਹੀ ਹੈ ਕਿ ਸਰਕਾਰ ਵਲੋਂ ਜਨਤਾ ਲਈ ਵੱਡੇ ਪੱਧਰ 'ਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਦ ਕਿ ਜ਼ਮੀਨੀ ਹਕੀਕਤ ਇਹ ਹੈ ਕਿ ਸੰਪਰਕ ਸੜਕਾਂ ਦੀ ਹਾਲਤ ਬਹੁਤ ਜ਼ਿਆਦਾ ਖਸਤਾ ਬਣੀ ਹੋਈ ਤੇ ਸੂਬੇ 'ਚ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਪਏ ਹਨ | ਉਨ੍ਹਾਂ ਕਿਹਾ ਕਿ ਪ੍ਰਾਪਰਟੀ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਤੇ ਤਹਿਸੀਲਾਂ 'ਚ ਕੰਮ ਕਰਦੇ ਵਿਅਕਤੀਆਂ ਦੇ ਜ਼ਮੀਨ ਦੇ ਕੁਲੈਕਟਰ ਰੇਟ ਵਧਣ ਕਾਰਨ ਕੰਮ ਰੁਕ ਗਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਰਾਹਤ ਦਿੰਦੇ ਹੋਏ ਸਰਕਾਰ ਨੂੰ ਕੁਲੈਕਟਰ ਰੇਟਾਂ ਵਿਚ ਕੀਤਾ ਵਾਧਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ | ਇਸ ਮੌਕੇ ਹੰਸਰਾਜ ਸਿੰਘ ਬੂਥਗੜ੍ਹ, ਰਣਜੀਤ ਸਿੰਘ ਨਗਲੀਆਂ, ਕਮਲਜੀਤ ਅਰੋੜਾ ਸੋਸ਼ਲ ਮੀਡੀਆ ਇੰਚਾਰਜ ਮੁਹਾਲੀ ਤੇ ਕੁਲਦੀਪ ਸਿੰਘ ਓਇੰਦ ਆਦਿ ਵੀ ਹਾਜ਼ਰ ਸਨ |