ਐੱਸ. ਏ. ਐੱਸ. ਨਗਰ, 17 ਦਸੰਬਰ (ਪ੍ਰੋ. ਅਵਤਾਰ ਸਿੰਘ)-ਬੀਤੇ ਦਿਨੀਂ ਪਿੰਡ ਸੋਹਾਣਾ ਦੇ ਕਬੱਡੀ ਕੱਪ ਦੌਰਾਨ ਖੇਡ ਪ੍ਰਮੋਟਰ ਰਾਣਾ ਬਲਾਚੌਰੀਆ ਨੂੰ ਸ਼ਰ੍ਹੇਆਮ ਗੋਲੀਆਂ ਮਾਰ ਕੇ ਕਤਲ ਕਰਨ ਦੀ ਘਟਨਾ ਨੇ ਪੰਜਾਬ ਦੀ ਢਿੱਲੀ ਕਾਨੂੰਨ ਵਿਵਸਥਾ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ | ਮੌਜੂਦਾ ਸਮੇਂ 'ਚ ਪੰਜਾਬ ਅੰਦਰ ਜੰਗਲ ਰਾਜ ਵਰਗੀ ਸਥਿਤੀ ਬਣਦੀ ਜਾ ਰਹੀ ਹੈ, ਜਿਸ ਕਾਰਨ ਆਮ ਲੋਕਾਂ ਅੰਦਰ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਕਿਹਾ ਕਿ ਜਦੋਂ ਮੁਹਾਲੀ ਵਰਗੇ ਹਾਈਟੈੱਕ ਸ਼ਹਿਰ ਅੰਦਰ ਸ਼ਰ੍ਹੇਆਮ ਗੋਲੀਆਂ ਚੱਲ ਸਕਦੀਆਂ ਹਨ ਤਾਂ ਸੂਬੇ ਦੇ ਹੋਰਨਾਂ ਹਿੱਸਿਆਂ ਅੰਦਰ ਕਿਹੋ ਜਿਹੀ ਸਥਿਤੀ ਹੋਵੇਗੀ | ਉਨ੍ਹਾਂ ਕਿਹਾ ਕਿ ਗੁੰਡਾ ਅਨਸਰਾਂ ਦੇ ਮਨਾਂ 'ਚੋਂ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦਾ ਡਰ ਬਿਲਕੁੱਲ ਖ਼ਤਮ ਹੋ ਚੁੱਕਾ ਹੈ ਅਤੇ ਇਸੇ ਕਾਰਨ ਉੱਚ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਹੀ ਇਕ ਨੌਜਵਾਨ ਨੂੰ ਸ਼ਰ੍ਹੇਆਮ ਮੌਤ ਦੇ ਘਾਟ ਉਤਾਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਾਨੂੰਨ ਵਿਵਸਥਾ ਦੀ ਸਥਿਤੀ ਸੁਧਾਰਨ ਵਿਚ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ, ਜਿਸ ਕਾਰਨ ਲੋਕ ਹੁਣ ਆਪਣੇ ਘਰਾਂ ਤੋਂ ਬਾਹਰ ਨਿਕਲਣ ਤੋਂ ਵੀ ਡਰਨ ਲੱਗ ਪਏ ਹਨ |