ਚੰਡੀਗੜ੍ਹ, 19 ਦਸੰਬਰ (ਅਜੀਤ ਬਿਊਰੋ)-'ਯੁੱਧ ਨਸ਼ਿਆਂ ਵਿਰੁੱਧ' ਦੇ ਲਗਾਤਾਰ 293ਵੇਂ ਦਿਨ ਪੰਜਾਬ ਪੁਲਿਸ ਨੇ 282 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਨਾਲ ਸੂਬੇ ਭਰ ਵਿਚ 61 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਨ ਉਪਰੰਤ 52 ਐਫ. ਆਈ. ਆਰਜ਼ ਦਰਜ ਕੀਤੀਆਂ ਗਈਆਂ | ਇਸ ਦੇ ਨਾਲ, 293 ਦਿਨਾਂ 'ਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,748 ਹੋ ਗਈ ਹੈ | ਛਾਪੇਮਾਰੀਆਂ ਦੇ ਨਤੀਜੇ ਵਜੋਂ ਗਿ੍ਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 528 ਗ੍ਰਾਮ ਹੈਰੋਇਨ, 2.4 ਕਿੱਲੋ ਅਫੀਮ, 214 ਨਸ਼ੀਲੀਆਂ ਗੋਲੀਆਂ/ਕੈਪਸੂਲ ਤੇ 3.02 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ | 60 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 282 ਥਾਵਾਂ 'ਤੇ ਛਾਪੇਮਾਰੀ ਕੀਤੀ | ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 282 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ | ਅੱਜ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |