ਜ਼ੀਰਕਪੁਰ, 19 ਦਸੰਬਰ (ਮਨਿੰਦਰ ਸਿੰਘ)-ਜ਼ੀਰਕਪੁਰ-ਪਟਿਆਲਾ ਮੁੱਖ ਮਾਰਗ 'ਤੇ ਛੱਤ ਲਾਈਟ ਪੁਆਇੰਟ ਨੇੜੇ ਸ਼ੁੱਕਰਵਾਰ ਨੂੰ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜਾ ਜ਼ਖ਼ਮੀ ਹੋ ਗਿਆ | ਜ਼ਖ਼ਮੀ ਨੌਜਵਾਨ ਚੰਡੀਗੜ੍ਹ ਦੇ ਪੀ. ਜੀ. ਆਈ. ਹਸਪਤਾਲ 'ਚ ਜ਼ੇਰੇ ਇਲਾਜ ਹੈ, ਜਿਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ | ਮਿ੍ਤਕ ਦੀ ਪਛਾਣ ਧਰੁਵ (17) ਤੇ ਜ਼ਖ਼ਮੀ ਨੌਜਵਾਨ ਦੀ ਪਛਾਣ ਸ਼ਿਵਮ (18) ਵਾਸੀ ਬਨੂੰੜ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਦੋਵੇਂ ਨੌਜਵਾਨ ਆਪਣੇ ਮੋਟਰਸਾਈਕਲ 'ਤੇ ਜ਼ੀਰਕਪੁਰ ਤੋਂ ਬਨੂੰੜ ਵੱਲ ਜਾ ਰਹੇ ਸਨ | ਇਸ ਦੌਰਾਨ ਛੱਤ ਲਾਈਟ ਪੁਆਇੰਟ ਨੇੜੇ ਅਚਾਨਕ ਉਨ੍ਹਾਂ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਉਹ ਸੜਕ 'ਤੇ ਡਿੱਗ ਗਏ ਤੇ ਪਿੱਛੇ ਤੋਂ ਆ ਰਹੇ ਟਰੱਕ ਦੀ ਲਪੇਟ ਵਿਚ ਆ ਗਏ | ਹਾਦਸੇ ਦੀ ਸੂਚਨਾ ਮਿਲਦੇ ਹੀ ਐਸ. ਐਸ. ਐਫ਼. ਦੀ ਟੀਮ ਮੌਕੇ 'ਤੇ ਪਹੁੰਚੀ ਤੇ ਦੋਵਾਂ ਨੌਜਵਾਨਾਂ ਨੂੰ ਗੰਭੀਰ ਹਾਲਤ ਵਿਚ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਪਹੁੰਚਾਇਆ, ਜਿਥੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਦੇ ਪੀ. ਜੀ. ਆਈ. ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ | ਪੀ. ਜੀ. ਆਈ. ਜਾਂਦੇ ਸਮੇਂ ਰਸਤੇ ਵਿਚ ਹੀ ਧਰੁਵ ਦੀ ਮੌਤ ਹੋ ਗਈ, ਜਦਕਿ ਸ਼ਿਵਮ ਦਾ ਅਜੇ ਵੀ ਇਲਾਜ ਚੱਲ ਰਿਹਾ ਹੈ | ਇਸ ਦੌਰਾਨ ਜ਼ੀਰਕਪੁਰ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਟਰੱਕ ਡਰਾਈਵਰ ਨੂੰ ਗਿ੍ਫ਼ਤਾਰ ਕਰ ਲਿਆ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਇਸ ਹਾਦਸੇ ਤੋਂ ਬਾਅਦ ਸ਼ਹਿਰ 'ਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ |