ਚੰਡੀਗੜ੍ਹ, 20 ਦਸੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਤੇ ਸਮਾਵੇਸ਼ੀ ਵਿਕਾਸ ਲਈ ਵਚਨਬੱਧ ਹੈ | ਇਸੇ ਕੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਦੀਆਂ ਨੇਤਰਹੀਣ ਯੂਨੀਅਨਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ | ਪੰਜਾਬ ਭਵਨ ਵਿਖੇ ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਨੇਤਰਹੀਣ ਯੂਨੀਅਨਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਤਰਜੀਹ ਦੇ ਅਧਾਰ 'ਤੇ ਪੂਰਾ ਕੀਤਾ ਜਾਵੇਗਾ | ਉਨ੍ਹਾਂ ਨੇ ਅਧਿਕਾਰੀਆਂ ਨੂੰ ਦਿਵਿਆਂਗ ਕੋਟੇ ਅਧੀਨ ਖ਼ਾਲੀ ਪਈਆਂ ਅਸਾਮੀਆਂ ਨੂੰ ਜਲਦੀ ਭਰਨ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ | ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ਕਿ ਜੋ ਮੰਗਾਂ ਵਿਭਾਗੀ ਪੱਧਰ 'ਤੇ ਮੰਨਣ ਯੋਗ ਹਨ, ਉਨ੍ਹਾਂ ਨੂੰ ਤੁਰੰਤ ਲਾਗੂ ਕੀਤਾ ਜਾਵੇਗਾ, ਜਦਕਿ ਜਿਹੜੀਆਂ ਮੰਗਾਂ ਲਈ ਸਰਕਾਰੀ ਪੱਧਰ 'ਤੇ ਫ਼ੈਸਲੇ ਦੀ ਲੋੜ ਹੈ, ਉਨ੍ਹਾਂ ਨੂੰ ਸਰਕਾਰ ਕੋਲ ਪੂਰੀ ਤਰ੍ਹਾਂ ਉਠਾਇਆ ਜਾਵੇਗਾ | ਮੀਟਿੰਗ 'ਚ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਕਾਸ ਪ੍ਰਤਾਪ, ਡਾਇਰੈਕਟਰ ਡਾ. ਸੇਨਾ ਅਗਰਵਾਲ, ਸੰਯੁਕਤ ਸਕੱਤਰ ਆਨੰਦ ਸਾਗਰ ਸ਼ਰਮਾ, ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਭੁੱਲਰ, ਰਵਿੰਦਰ ਸਿੰਘ ਰਾਹੀ ਅਤੇ ਵਿਭਾਗ ਦੇ ਹੋਰ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |