ਚੰਡੀਗੜ੍ਹ, 21 ਦਸੰਬਰ (ਅਜੀਤ ਬਿਊਰੋ)ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ 'ਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਲਗਾਤਾਰ 295ਵੇਂ ਦਿਨ ਪੰਜਾਬ ਪੁਲਿਸ ਨੇ 366 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਸਿੱਟੇ ਵਜੋਂ ਸੂਬੇ ਭਰ ਵਿਚ 151 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ 122 ਐਫ. ਆਈ. ਆਰਜ਼ ਦਰਜ ਕੀਤੀਆਂ ਗਈਆਂ | ਇਸ ਦੇ ਨਾਲ, 295 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁਲ ਨਸ਼ਾ ਤਸਕਰਾਂ ਦੀ ਗਿਣਤੀ 41,207 ਹੋ ਗਈ ਹੈ | ਛਾਪੇਮਾਰੀ ਦੌਰਾਨ ਗਿ੍ਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿਚੋਂ 3.1 ਕਿਲੋ ਹੈਰੋਇਨ, 2454 ਨਸ਼ੀਲੀਆਂ ਗੋਲੀਆਂ/ਕੈਪਸੂਲ ਤੇ 18,560 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ | ਜ਼ਿਕਰਯੋਗ ਹੈ ਕਿ 70 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 366 ਛਾਪੇ ਮਾਰੇ ਹਨ | ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 364 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ | ਅੱਜ 9 ਵਿਅਕਤੀਆਂ ਨੂੰ ਨਸ਼ਾ ਮੁਕਤੀ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |