ਚੰਡੀਗੜ੍ਹ, 22 ਦਸੰਬਰ (ਅਜੀਤ ਬਿਊਰੋ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭਿ੍ਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਫਰੀਦਕੋਟ 'ਚ ਪਟਵਾਰੀ ਪੂਜਾ ਯਾਦਵ ਦੇ ਅਧੀਨ ਕੰਮ ਕਰਦੇ ਸੁਖਵਿੰਦਰ ਸਿੰਘ ਨਿੱਜੀ ਵਿਅਕਤੀ ਨੂੰ 1500 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ | ਇਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਫਰੀਦਕੋਟ ਦੇ ਭਾਨ ਸਿੰਘ ਕਲੋਨੀ ਦੇ ਵਸਨੀਕ ਵਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗਿ੍ਫ਼ਤਾਰ ਕੀਤਾ ਗਿਆ ਹੈ | ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੋਸ਼ ਲਗਾਇਆ ਕਿ ਮੁਲਜ਼ਮ ਸੁਖਵਿੰਦਰ ਸਿੰਘ ਨੇ ਪਲਾਟ ਦਾ ਇੰਤਕਾਲ ਕਰਵਾਉਣ ਬਦਲੇ 2000 ਰੁਪਏ ਦੀ ਰਿਸ਼ਵਤ ਮੰਗੀ ਸੀ | ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਦੇ ਹੋਏ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ | ਬੁਲਾਰੇ ਨੇ ਕਿਹਾ ਕਿ ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸੁਖਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਗਿ੍ਫ਼ਤਾਰ ਕਰ ਲਿਆ | ਇਸ ਸੰਬੰਧ ਵਿਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭਿ੍ਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ |