ਜ਼ੀਰਕਪੁਰ, 23 ਨਵੰਬਰ (ਹੈਪੀ ਪੰਡਵਾਲਾ)-ਹਲਕਾ ਵਿਧਾਇਕ ਕੁਲਜੀਤ ਸਿੰਘ ਨੇ ਕਮਿਊਨਿਟੀ ਹੈਲਥ ਸੈਂਟਰ (ਸੀ. ਐਚ. ਸੀ.) ਢਕੌਲੀ ਵਿਖੇ ਰੋਗੀ ਕਲਿਆਣ ਸੰਮਤੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਸੇਵਾਵਾਂ ਦੀ ਸਮੀਖਿਆ ਕੀਤੀ ਅਤੇ ਇਥੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਸੰਬੰਧੀ ਚੁੱਕੇ ਜਾਣ ਵਾਲੇ ਲੋੜੀਂਦੇ ਕਦਮਾਂ ਬਾਬਤ ਵਿਚਾਰ-ਵਟਾਂਦਰਾ ਕੀਤਾ | ਮੀਟਿੰਗ 'ਚ ਐੱਸ. ਡੀ. ਐੱਮ. ਡੇਰਾਬੱਸੀ ਅਮਿਤ ਗੁਪਤਾ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗਗਨਦੀਪ ਸਿੰਘ ਸ਼ੇਰਗਿੱਲ ਸਮੇਤ ਹੋਰ ਸੰਬੰਧਤ ਅਧਿਕਾਰੀ ਵੀ ਹਾਜ਼ਰ ਸਨ | ਮੀਟਿੰਗ ਦੌਰਾਨ ਵਿਧਾਇਕ ਰੰਧਾਵਾ ਨੇ ਦੱਸਿਆ ਕਿ ਸੀ. ਐਚ. ਸੀ. ਢਕੌਲੀ ਦੀ ਮੌਜੂਦਾ 30 ਬਿਸਤਰਿਆਂ ਦੀ ਸਮਰੱਥਾ ਨੂੰ ਵਧਾ ਕੇ 50 ਕਰਨ ਦਾ ਪ੍ਰਸਤਾਵ ਪੰਜਾਬ ਸਰਕਾਰ ਦੇ ਵਿਚਾਰ ਅਧੀਨ ਹੈ | ਉਨ੍ਹਾਂ ਕਿਹਾ ਕਿ ਬਿਸਤਰਿਆਂ ਦੀ ਗਿਣਤੀ ਵਧਾਉਣ ਨਾਲ ਮਾਹਿਰ ਡਾਕਟਰਾਂ ਤੇ ਹੋਰ ਸਟਾਫ਼ ਦੀ ਤਾਇਨਾਤੀ ਦੇ ਰਾਹ ਖੁੱਲ੍ਹਣਗੇ, ਜਿਸ ਨਾਲ ਲੋਕਾਂ ਨੂੰ ਹੋਰ ਬਿਹਤਰ ਤੇ ਗੁਣਵੱਤਾਪੂਰਨ ਸਿਹਤ ਸੇਵਾਵਾਂ ਮਿਲ ਸਕਣਗੀਆਂ | ਇਸੇ ਦੌਰਾਨ ਵਿਧਾਇਕ ਰੰਧਾਵਾ ਨੇ ਸੀਨੀਅਰ ਮੈਡੀਕਲ ਅਫ਼ਸਰ ਨੂੰ ਭਰੋਸਾ ਦਿਵਾਇਆ ਕਿ ਨਗਰ ਕੌਂਸਲ ਨਾਲ ਸੰਬੰਧਤ ਮਸਲੇ ਜਿਵੇਂ ਕਿ ਸੀਵਰੇਜ ਜਾਮ, ਪਾਰਕਿੰਗ ਦੀ ਸਮੱਸਿਆ, ਸਫ਼ਾਈ ਅਤੇ ਇਮਾਰਤ ਦੀ ਮੁਰੰਮਤ ਆਦਿ ਨੂੰ ਤਰਜ਼ੀਹੀ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਰਕਾਰੀ ਸਿਹਤ ਸੰਸਥਾਵਾਂ 'ਚ ਨਿੱਜੀ ਹਸਪਤਾਲਾਂ ਦੇ ਬਾਰਬਰ ਮਿਆਰੀ ਤੇ ਸਸਤੀਆਂ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਵਿਧਾਇਕ ਰੰਧਾਵਾ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਤੇ ਨਿਰੰਤਰ ਨਿਗਰਾਨੀ ਰਾਹੀਂ ਹੀ ਜਨਤਕ ਸਿਹਤ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ ਅਤੇ ਲੋਕਾਂ ਤੱਕ ਬਿਹਤਰ ਸੇਵਾਵਾਂ ਪਹੁੰਚਾਈਆਂ ਜਾ ਸਕਦੀਆਂ ਹਨ | ਇਸ ਮੌਕੇ ਡਾਇਰੈਕਟਰ ਪੈਪਸੂ ਗੁਰਪ੍ਰੀਤ ਸਿੰਘ ਵਿਰਕ ਵੀ ਹਾਜ਼ਰ ਸਨ |