ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਪੰਜਾਬ ਰੁੱਖਾਂ ਦੀ ਸੁਰੱਖਿਆ ਕਾਨੂੰਨ-2025 ਨੂੰ ਵਿੱਤ ਵਿਭਾਗ ਨੇ ਦਿੱਤੀ ਮਨਜ਼ੂਰੀ-ਹਰਪਾਲ ਸਿੰਘ ਚੀਮਾ

Ad Position 21
No active advertisement
ਅਜੀਤ ਡੈਸਕ 24-12-2025
ਚੰਡੀਗੜ੍ਹ, 23 ਦਸੰਬਰ (ਅਜੀਤ ਬਿਊਰੋ)-ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬੇ ਦੇ ਵਿੱਤ ਵਿਭਾਗ ਨੇ 'ਦਿ ਪੰਜਾਬ ਪ੍ਰੋਟੈਕਸ਼ਨ ਆਫ ਟਰੀਜ਼ ਐਕਟ, 2025 (ਪੰਜਾਬ ਰੁੱਖਾਂ ਦੀ ਸੁਰੱਖਿਆ ਕਾਨੂੰਨ, 2025) ਬਨਾਉਣ ਸਬੰਧੀ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ | ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਐਲਾਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਐਕਟ ਸ਼ਹਿਰੀ ਹਰਿਆਵਲ ਅਤੇ ਵਾਤਾਵਰਨ ਦੀ ਸੰਭਾਲ ਵੱਲ ਇੱਕ ਮਹੱਤਵਪੂਰਨ ਕਦਮ ਹੈ, ਜੋ ਰੁੱਖਾਂ ਦੀ ਸੰਭਾਲ ਲਈ ਸੂਬੇ ਦੀ ਵਿਧਾਨਕ ਵਚਨਬੱਧਤਾ ਨੂੰ ਯਕੀਨੀ ਬਣਾਏਗਾ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਖਰੜੇ ਵਿੱਚ ਗੈਰ-ਕਾਨੂੰਨੀ ਢੰਗ ਨਾਲ ਦਰੱਖਤਾਂ ਦੀ ਕਟਾਈ ਲਈ ਸਖ਼ਤ ਉਪਾਅ ਅਤੇ ਭਾਰੀ ਜੁਰਮਾਨੇ ਦਾ ਪ੍ਰਸਤਾਵ ਹੈ, ਜਿਸ ਨਾਲ ਵਾਤਾਵਰਨ ਦੇ ਨਿਘਾਰ ਨਾਲ ਲੜਨ ਦੀਆਂ ਸੂਬੇ ਦੀਆਂ ਕੋਸ਼ਿਸ਼ਾਂ ਨੂੰ ਹੋਰ ਮਜ਼ਬੂਤੀ ਮਿਲੇਗੀ | ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਵੱਲੋਂ 'ਦਿ ਪੰਜਾਬ ਪ੍ਰੋਟੈਕਸ਼ਨ ਆਫ ਟਰੀਜ਼ ਐਕਟ, 2025' ਦੇ ਪ੍ਰਸਤਾਵ ਦੀ ਚੰਗੀ ਤਰ੍ਹਾਂ ਸਮੀਖਿਆ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਹ ਐਕਟ ਨਾ ਸਿਰਫ਼ ਸ਼ਹਿਰੀ ਹਰਿਆਵਲ ਦੀ ਸੁਰੱਖਿਆ ਲਈ ਸਰਕਾਰ ਦੀ ਵਚਨਬੱਧਤਾ ਨੂੰ ਰਸਮੀ ਬਣਾਉਂਦਾ ਹੈ, ਬਲਕਿ ਜੰਗਲਾਤ ਵਿਭਾਗ ਵੱਲੋਂ ਇਸ ਗੱਲ ਦੀ ਵੀ ਪੁਸ਼ਟੀ ਕੀਤੀ ਹੈ ਕਿ ਇਸ ਨੂੰ ਲਾਗੂ ਕਰਨ ਨਾਲ ਸੂਬੇ ਦੇ ਖਜ਼ਾਨੇ 'ਤੇ ਕੋਈ ਵਾਧੂ ਵਿੱਤੀ ਬੋਝ ਨਹੀਂ ਪਵੇਗਾ | ਬਿੱਲ ਦੇ ਵਿੱਤੀ ਪਹਿਲੂ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਹ ਐਕਟ ਜੁਰਮਾਨੇ ਰਾਹੀਂ ਫੰਡ ਸਥਾਪਤ ਕਰਨ ਲਈ ਤਿਆਰ ਕੀਤਾ ਗਿਆ ਹੈ | ਉਨ੍ਹਾਂ ਅੱਗੇ ਕਿਹਾ ਕਿ ਇਹ ਫੰਡ ਰਣਨੀਤਕ ਤੌਰ 'ਤੇ ਸਿਰਫ਼ ਸ਼ਹਿਰੀ ਖੇਤਰਾਂ ਵਿੱਚ ਹਰਿਆਵਲ ਪ੍ਰੋਜੈਕਟਾਂ ਲਈ ਵਰਤੇ ਜਾਣਗੇ, ਜਿਸ ਨਾਲ ਪੰਜਾਬ ਭਰ ਵਿੱਚ ਵਾਤਾਵਰਨ ਦੀ ਸਾਂਭ-ਸੰਭਾਲ ਅਤੇ ਵਿਕਾਸ ਲਈ ਇੱਕ ਸਵੈ-ਨਿਰਭਰ ਪ੍ਰਣਾਲੀ ਸਥਾਪਤ ਕੀਤੀ ਜਾਵੇਗੀ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਰੁੱਖਾਂ ਦੀ ਸੰਭਾਲ ਲਈ ਪ੍ਰਭਾਵਸ਼ਾਲੀ ਕਾਨੂੰਨ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਵੱਲੋਂ ਇਸ ਐਕਟ ਨੂੰ ਤੁਰੰਤ ਮਨਜ਼ੂਰੀ ਦੇਣਾ ਸੂਬਾ ਸਰਕਾਰ ਦੇ ਵਾਤਾਵਰਨ ਅਤੇ ਕਾਨੂੰਨੀ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਪ੍ਰਤੀ ਸਮਰਪਣ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ 'ਦਿ ਪੰਜਾਬ ਪ੍ਰੋਟੈਕਸ਼ਨ ਆਫ ਟਰੀਜ਼ ਐਕਟ, 2025' ਹੁਣ ਜ਼ਰੂਰੀ ਵਿਧਾਨਕ ਪ੍ਰਕਿਰਿਆ ਵਿੱਚੋਂ ਲੰਘੇਗਾ, ਜਿਸ ਨਾਲ ਇਸ ਨੂੰ ਕੈਬਨਿਟ ਅਤੇ ਵਿਧਾਨ ਸਭਾ ਦੇ ਸਾਹਮਣੇ ਪੇਸ਼ ਕਰਨ ਦਾ ਰਾਹ ਪੱਧਰਾ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਰਾਹੁਲ ਦੀਆਂ ਟਿੱਪਣੀਆਂ ਦੀ ਨਿੰਦਾ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਹਿਜ ਪਾਠ ਦੇ ਪਾਏ ਭੋਗ
Ad Position 24
No active advertisement