ਚੰਡੀਗੜ੍ਹ, 27 ਦਸੰਬਰ (ਅਜੀਤ ਬਿਊਰੋ)-'ਯੁੱਧ ਨਸ਼ਿਆਂ ਵਿਰੁੱਧ' ਨੂੰ ਲਗਾਤਾਰ 301ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ 391 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ 'ਚ 103 ਐਫ. ਆਈ. ਆਰਜ਼ ਦਰਜ ਕਰਕੇ 148 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ | ਇਸ ਨਾਲ 301 ਦਿਨਾਂ 'ਚ ਗਿ੍ਫ਼ਤਾਰ ਕੀਤੇ ਗਏ ਕੁਲ ਨਸ਼ਾ ਤਸਕਰਾਂ ਦੀ ਗਿਣਤੀ 42,029 ਹੋ ਗਈ ਹੈ | ਇਸ ਛਾਪੇਮਾਰੀ ਦੌਰਾਨ ਗਿ੍ਫ਼ਤਾਰ ਕੀਤੇ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 5.5 ਕਿਲੋ ਹੈਰੋਇਨ, 5 ਕਿਲੋ ਭੁੱਕੀ, 3414 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.57 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਇਸ ਆਪ੍ਰੇਸ਼ਨ ਦੌਰਾਨ 77 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ 'ਚ 391 ਛਾਪੇ ਮਾਰੇ ਹਨ | ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 372 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ | ਅੱਜ 32 ਵਿਅਕਤੀਆਂ ਨੂੰ ਨਸ਼ਾ ਛੁਡਾਊ ਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |