ਡੇਰਾਬੱਸੀ, 30 ਦਸੰਬਰ (ਰਣਬੀਰ ਸਿੰਘ ਪੜ੍ਹੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਖ਼ੁਸ਼ੀਆਂ ਨੂੰ ਮੁੱਖ ਰੱਖਦਿਆਂ ਅੱਜ ਨਜ਼ਦੀਕੀ ਪਿੰਡ ਪੰਡਵਾਲਾ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਏ ਗਏ ਇਸ ਨਗਰ ਕੀਰਤਨ ਵਿਚ ਸੰਗਤਾਂ ਨੇ ਭਾਰੀ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ | ਇਸ ਨਗਰ ਕੀਰਤਨ ਦਾ ਪਿੰਡ ਵਾਸੀਆਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ | ਇਸ ਦੌਰਾਨ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ ਅਤੇ ਸੰਗਤਾਂ ਲਈ ਥਾਂ-ਥਾਂ 'ਤੇ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ | ਇਸ ਧਾਰਮਿਕ ਸਮਾਗਮ 'ਚ ਭਾਜਪਾ ਦੇ ਸੀਨੀਅਰ ਆਗੂ ਗੁਰਦਰਸ਼ਨ ਸਿੰਘ ਸੈਣੀ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸੈਣੀ ਨੇ ਕਿਹਾ ਕਿ ਦਸਮੇਸ਼ ਪਿਤਾ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਮਹਾਨ ਕੁਰਬਾਨੀਆਂ ਪੂਰੀ ਮਨੁੱਖਤਾ ਲਈ ਮਾਰਗ ਦਰਸ਼ਕ ਹਨ | ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਦਰਸਾਏ ਇਨਸਾਨੀਅਤ ਅਤੇ ਸੇਵਾ ਦੇ ਮਾਰਗ 'ਤੇ ਚੱਲਣਾ ਚਾਹੀਦਾ ਹੈ | ਇਸ ਸਮਾਗਮ ਦੌਰਾਨ ਪ੍ਰਬੰਧਕੀ ਕਮੇਟੀ ਵਲੋਂ ਸੈਣੀ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਮਪਾਲ ਸੈਣੀ, ਮੋਹਿਤ ਸੈਣੀ, ਹਰਪ੍ਰੀਤ ਸਿੰਘ, ਦਵਿੰਦਰ ਧਨੌਨੀ, ਜਸਵਿੰਦਰ ਸਿੰਘ, ਕੁਲਬੀਰ ਸਿੰਘ, ਜਗਦੀਪ ਸਿੰਘ, ਬਿੰਦਾ ਫੌਜੀ, ਕਿ੍ਸ਼ਨ ਪਾਲ, ਨਸੀਬ ਸਿੰਘ, ਸੰਜੀਵ ਕੁਮਾਰ, ਰਾਜ ਕੁਮਾਰ, ਗੁਰਮੀਤ ਸਿੰਘ ਐਸ. ਡੀ. ਓ. ਸਮੇਤ ਵੱਡੀ ਗਿਣਤੀ 'ਚ ਪਿੰਡ ਦੇ ਪਤਵੰਤੇ ਸੱਜਣ ਅਤੇ ਸੇਵਾਦਾਰ ਹਾਜ਼ਰ ਸਨ |