ਐੱਸ. ਏ. ਐੱਸ. ਨਗਰ, 30 ਦਸੰਬਰ (ਕਪਿਲ ਵਧਵਾ)-ਮੁਹਾਲੀ ਪੁਲਿਸ ਵਲੋਂ ਮਾੜੇ ਅਨਸਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਨੂੰ ਲੁੱਟ-ਖੋਹ ਮਾਮਲੇ ਵਿਚ ਗਿ੍ਫ਼ਤਾਰ ਕੀਤਾ ਗਿਆ ਹੈ | ਗਿ੍ਫ਼ਤਾਰ ਮੁਲਜ਼ਮਾਂ ਦੀ ਪਛਾਣ ਹਰਸ਼ ਸਿੰਘ ਵਾਸੀ ਪਿੰਡ ਕੰਬਾਲਾ ਅਤੇ ਗੋਪਾਲ ਚੋਪੜਾ ਵਾਸੀ ਪੰਚਕੂਲਾ ਵਜੋਂ ਹੋਈ ਹੈ | ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆ ਡੀ. ਐੱਸ. ਪੀ. ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਥਾਣਾ ਫੇਜ਼-8 ਦੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਨੌਜਵਾਨ ਜੋ ਕਿ ਲੂੱਟਾਂ-ਖੋਹਾਂ ਕਰਨ ਦੇ ਆਦਿ ਹਨ ਅਤੇ ਬੀਤੀ 27 ਦਸੰਬਰ ਨੂੰ ਉਹ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸਨ, ਜਿਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਬੀ. ਐੱਨ. ਐੱਸ. ਦੀ ਧਾਰਾ 304 (2) ਅਤੇ 3 (5) ਤਹਿਤ ਐੱਫ. ਆਈ. ਆਰ. ਦਰਜ ਕਰ ਬੱਸ ਸਟੈਂਡ ਫੇਜ਼-8 ਵਿਖੇ ਨਾਕਾਬੰਦੀ ਦੌਰਾਨ ਉਕਤ ਦੋਨਾਂ ਵਿਅਕਤੀਆਂ ਨੂੰ ਕਾਬੂ ਕਰ ਲਿਆ ਗਿਆ, ਜਿਸ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਦੀ ਨਿਸ਼ਾਨਦੇਹੀ 'ਤੇ ਵੱਖ-ਵੱਖ ਥਾਵਾਂ ਤੋਂ ਲੁੱਟ-ਖੋਹ ਅਤੇ ਚੋਰੀ ਕੀਤੇ ਗਏ 6 ਮੋਬਾਇਲ ਫੋਨ ਬਰਾਮਦ ਕੀਤੇ ਹਨ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਨੋਂ ਨੌਜਵਾਨ ਨਸ਼ਾ ਕਰਨ ਦੇ ਆਦਿ ਹਨ ਅਤੇ ਨਸ਼ੇ ਦੀ ਪੁਰਤੀ ਲਈ ਅਜਿਹੇ ਅਪਰਾਧਾਂ ਨੂੰ ਅੰਜਾਮ ਦਿੰਦੇ ਸਨ | ਇਸ ਮਾਮਲੇ ਦੀ ਜਾਂਚ ਜਾਰੀ ਹੈ |