ਐੱਸ. ਏ. ਐੱਸ. ਨਗਰ, 30 ਦਸੰਬਰ (ਪ੍ਰੋ. ਅਵਤਾਰ ਸਿੰਘ)-ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਮੀ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਦਿਹਾੜੇ ਦੀ ਖੁਸ਼ੀ 'ਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਚੱਲੇ ਧਾਰਮਿਕ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਬੀਬੀ ਜਸਵੀਰ ਕੌਰ ਜੱਸ ਅਤੇ ਸੁਲਤਾਨਪੁਰ ਲੋਧੀ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਮਾਤਾ ਗੁਜਰ ਕੌਰ ਜੀ ਅਤੇ ਚਾਰ ਸਾਹਿਬਜ਼ਾਦਿਆਂ ਵਲੋਂ ਧਰਮ ਲਈ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ 'ਚ ਵਿਸਥਾਰ ਸਹਿਤ ਜਾਣੂ ਕਰਵਾਇਆ | ਇਸ ਤੋਂ ਬਾਅਦ ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਨੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ, ਜਦਕਿ ਭਾਈ ਬੇਅੰਤ ਸਿੰਘ ਪ੍ਰਚਾਰਕ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਾਲਿਆਂ ਨੇ ਆਪਣੇ ਪ੍ਰਵਚਨਾਂ ਦੌਰਾਨ ਸੰਗਤਾਂ ਨੂੰ ਖੰਡੇ ਬਾਟੇ ਦੇ ਅੰਮਿ੍ਤ ਦੀ ਮਹੱਤਤਾ ਤੋਂ ਜਾਣੂ ਕਰਵਾਉਂਦੇ ਹੋਏ ਅੰਮਿ੍ਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ | ਇਸ ਤੋਂ ਇਲਾਵਾ ਭਾਈ ਮਨਜਿੰਦਰ ਸਿੰਘ ਰਬਾਬੀ ਗੁਰਦੁਆਰਾ ਨਾਢਾ ਸਾਹਿਬ, ਸੰਤ ਬਾਬਾ ਪਰਮਪ੍ਰੀਤ ਸਿੰਘ ਨਥਮਲਪੁਰ ਵਾਲਿਆਂ, ਸ਼੍ਰੋਮਣੀ ਪ੍ਰਚਾਰਕ ਭਾਈ ਮਨਜੀਤ ਸਿੰਘ ਲੁਧਿਆਣਾ ਵਾਲਿਆਂ, ਭਾਈ ਅਰਵਿੰਦਰ ਸਿੰਘ, ਭਾਈ ਗੁਰਦੇਵ ਸਿੰਘ, ਬੀਬੀ ਜਸਪ੍ਰੀਤ ਕੌਰ, ਸ਼ੇਰ-ਏ-ਪੰਜਾਬ ਕਵੀਸ਼ਰੀ ਜਥੇ ਤੇ ਭਾਈ ਜਸਵਿੰਦਰ ਸਿੰਘ ਦੇ ਜਥੇ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੰਦੀਪ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਦਸਮੀ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤਾ | ਇਸ ਮੌਕੇ ਮਹਾਨ ਅੰਮਿ੍ਤ ਸੰਚਾਰ ਵੀ ਕਰਵਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ ਪ੍ਰਾਣੀ ਖੰਡੇ ਬਾਟੇ ਦਾ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ | ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |