ਬਠਿੰਡਾ/ਮੌੜ ਮੰਡੀ, 2 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ/ਗੁਰਜੀਤ ਸਿੰਘ ਕਮਾਲੂ)-ਭਾਜਪਾ ਦੇ ਸੂਬਾ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਮੌੜ ਦੇ ਇੰਚਾਰਜ ਦਿਆਲ ਸੋਢੀ ਨੇ ਕਿਹਾ ਹਰਿਆਣਾ ਅਤੇ ਦਿੱਲੀ ਵਿਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਲੋਕਾਂ ਨੇ ਵੀ ਹੁਣ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ | ਜਿਸ ਕਰਕੇ ਹੁਣ ਦੂਸਰੀਆਂ ਪਾਰਟੀਆਂ ਦੇ ਆਗੂਆਂ ਤੋਂ ਇਲਾਵਾ ਆਮ ਲੋਕ ਵੀ ਹੁਣ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਦਿਆਲ ਸੋਢੀ ਨੇ ਦੱਸਿਆ ਕਿ ਅੱਜ ਵਿਧਾਨ ਸਭਾ ਹਲਕਾ ਮੌੜ ਦੇ ਪਿੰਡ ਸੰਦੋਹਾ ਵਿਚ ਮਾਹਸ਼ਾ ਸਿੰਘ ਦੀ ਅਗਵਾਈ ਵਿਚ ਲਗਭਗ ਪੰਜਾਹ ਦੇ ਕਰੀਬ ਪਰਿਵਾਰਾਂ ਨੇ ਭਾਜਪਾ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਬੋਲਦਿਆਂ ਦਿਆਲ ਸੋਢੀ ਨੇ ਦੱਸਿਆ ਕਿ ਪੰਜਾਬ ਦੇ ਲੋਕ ਇਸ ਗੱਲ ਨੂੰ ਸਮਝ ਚੁੱਕੇ ਹਨ ਕਿ ਹੁਣ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਤੋਂ ਬਿਨ੍ਹਾਂ ਪੰਜਾਬ ਵਿਚ ਨਾ ਹੀ ਤਰੱਕੀ ਹੋ ਸਕਦੀ ਹੈ ਅਤੇ ਨਾ ਹੀ ਅਮਨ ਕਾਨੂੰਨ ਦੀ ਵਿਵਸਥਾ ਬਹਾਲ ਹੋ ਸਕਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਕ ਵਾਰੀ ਪੰਜਾਬ ਵਿਚ ਭਾਜਪਾ ਨੂੰ ਮੌਕਾ ਦੇਣਾ ਚਾਹੀਦਾ ਹੈ ਤਾਂ ਕੇਂਦਰ ਪੱਖੀ ਸਰਕਾਰ ਬਣਨ ਨਾਲ ਸੂਬੇ ਦੀ ਹਰ ਪੱਖੋਂ ਤਰੱਕੀ ਹੋ ਸਕੇ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੇ ਭਾਰੀ ਬਹੁਮਤ ਨਾਲ ਬਣਾਈ, ਲੇਕਿਨ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦੇ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰ ਸਕੀ ਅਤੇ ਨਾ ਹੀ ਲੋਕਾਂ ਦਾ ਵਿਸ਼ਵਾਸ ਜਿੱਤ ਸਕੀ | ਜਿਸ ਕਰਕੇ ਅੱਜ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰਨ ਲੱਗੇ ਹਨ | ਕਾਂਗਰਸ ਪਾਰਟੀ ਵਾਰੇ ਬੋਲਦਿਆਂ ਦਿਆਲ ਸੋਢੀ ਨੇ ਕਿਹਾ ਕਾਂਗਰਸ ਵੀ ਲੋਕਾਂ ਵਿਚੋਂ ਆਪਣਾ ਆਧਾਰ ਗੁਆ ਚੁੱਕੀ ਹੈ ਕਿਉਂਕਿ ਇਸ ਕਰਕੇ ਹੀ ਚਾਹੇ ਉਹ ਹਰਿਆਣਾ ਜਾਂ ਦਿੱਲੀ ਦੇ ਨਤੀਜੇ ਇਸ ਗੱਲ ਦੀ ਗਵਾਹੀ ਭਰਦੇ ਹਨ | ਉਨ੍ਹਾਂ ਪਾਰਟੀ ਵਿਚ ਸ਼ਾਮਿਲ ਹੋਣ ਵਿਆਕਤੀਆਂ ਨੂੰ ਪੂਰਾ ਯਕੀਨ ਦਿਵਾਇਆ ਕਿ ਪਾਰਟੀ ਵਿਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਨਵੇਂ ਸ਼ਾਮਿਲ ਹੋਣ ਵਾਲੇ ਵਿਆਕਤੀਆਂ ਨੇ ਵੀ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਇਸ ਮੌਕੇ ਤੇ ਸਰਕਲ ਮੌੜ ਦਿਹਾਤੀ ਦੇ ਪ੍ਰਧਾਨ ਸਤਨਾਮ ਸਿੰਘ, ਜਨਰਲ ਸਕੱਤਰ ਸੁਖਵਿੰਦਰ ਸਿੰਘ, ਸੰਦੀਪ ਸਿੰਘ ਉਪ ਪ੍ਰਧਾਨ, ਅਮਨ ਸਿੰਘ ਸੈਕਟਰੀ ਤੋਂ ਇਲਾਵਾ ਪਾਰਟੀ ਦੇ ਬਹੁਤ ਸਾਰੇ ਵਰਕਰ ਮੌਜੂਦ ਸਨ |